ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਗ੍ਰਿਫਤਾਰ ਕੀਤਾ ਹੈ, ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24) ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਖੰਡਵਾਲਾ ਛੇਹਰਟਾ ਦੇ ਵਾਸੀ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਤਿੰਨ ਮੋਬਾਈਲ ਫੋਨ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ।
ਇਹ ਸਫ਼ਲਤਾ ਜੋਬਨ ਸਿੰਘ ਅਤੇ ਗੁਰਬਖਸ਼ ਸਿੰਘ ਦੀ ਗ੍ਰਿਫਤਾਰੀ ਦੇ ਬਾਅਦ ਸਾਹਮਣੇ ਆਈ, ਜਿਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਬੀਕੇਆਈ ਦੇ ਪਾਕਿਸਤਾਨ ਅਧਾਰਤ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।
ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਕਰਨਦੀਪ ਯਾਦਵ ਨੇ ਇਸ ਸਾਲ ਜਨਵਰੀ ਵਿੱਚ ਤਰਨਤਾਰਨ ਤੋਂ ਗ੍ਰਨੇਡ ਅਤੇ ਹਥਿਆਰਾਂ ਦੀ ਡਲਿਵਰੀ ਕੀਤੀ ਸੀ। ਤਰਨਤਾਰਨ ਪੁਲਿਸ ਨੇ ਚਾਰ ਹੋਰ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਮਿਲੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਬਿਹਾਰ ਦੇ ਕੁਮਾਰਖੰਡ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।