-ਪ੍ਰਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ, ਨਵਾਂਸ਼ਹਿਰ ਦਾ ਦੌਰਾ
-ਜ਼ਿਲ੍ਹੇ ਵਿਚ ਪ੍ਰਸਤਾਵਿਤ ਮੈਡੀਕਲ ਕਾਲਜ ਲਈ ਦਿੱਤੀ ਗਈ ਜ਼ਮੀਨ ਵੀ ਦੇਖੀ
ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰਕੇ ਜ਼ਿਲ੍ਹੇ ਅੰਦਰ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਬਣਤਰ, ਇਸ ਦੀਆਂ ਤਿਆਰੀਆਂ ਤੇ ਜ਼ਿਲ੍ਹਾ ਹਸਪਤਾਲ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜ਼ਾਇਜਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਨੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਦੇ ਡਾਇਰੈਕਟਰ ਅਵਨੀਸ਼ ਕੁਮਾਰ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ ਡਾ. ਮਹਿਤਾਬ ਸਿੰਘ, ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਈ.ਐੱਨ.ਟੀ. ਵਿਭਾਗ ਦੇ ਮੁਖੀ ਡਾ. ਗੁਰਬਖਸ਼ ਸਿੰਘ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਸਮੇਤ ਜ਼ਿਲ੍ਹੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਸਤਾਵਿਤ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਬਣਤਰ ਨੂੰ ਲੈ ਕੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਪ੍ਰਸਤਾਵਿਤ ਮੈਡੀਕਲ ਕਾਲਜ ਲਈ ਦਿੱਤੀ ਗਈ ਜ਼ਮੀਨ ਨੂੰ ਵੀ ਦੇਖਿਆ।
ਇਸ ਮੌਕੇ ਕੁਮਾਰ ਰਾਹੁਲ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਨਾਗਰਿਕ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੰਭਾਲ ਸੇਵਾ ਮਿਲੇ। ਇਸ ਉਦੇਸ਼ ਦੀ ਪੂਰਤੀ ਲਈ ਅਸੀਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਉੱਚ ਪੱਧਰੀ ਮਿਆਰਾਂ ਨੂੰ ਬਰਕਰਾਰ ਰੱਖ ਰਹੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਰੇਕ ਤਰ੍ਹਾਂ ਦੀਆਂ ਸਰਬੋਤਮ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।