ਨਵੀਂ ਦਿੱਲੀ :
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸਰੋਵਰ ਦੀ ਸਫ਼ਾਈ ਦੀ ਸੇਵਾ ਸ਼ੁਰੂ ਕੀਤੀ ਹੈ, ਜੋ ਕਿ ਲਗਭਗ 10 ਸਾਲਾਂ ਬਾਅਦ ਹੋ ਰਹੀ ਹੈ। ਇਸ ਮੌਕੇ ‘ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਅਰਦਾਸ ਕਰ ਕੇ ਸੇਵਾ ਦੀ ਸ਼ੁਰੂਆਤ ਕੀਤੀ। ਇਹ ਸੇਵਾ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਵੀ ਅਤੇ ਸਮੁੱਚੀ ਟੀਮ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀ ਸੰਗਤ ਨੂੰ ਇਹ ਸੁਭਾਗ ਮਿਲਿਆ ਹੈ ਕਿ 10 ਸਾਲਾਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਦੀ ਕਾਰ ਸੇਵਾ ਮੁੜ ਸ਼ੁਰੂ ਹੋ ਰਹੀ ਹੈ। ਇਸ ਸੇਵਾ ਦੇ ਬਦਲੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਖੁਸ਼ੀਆਂ ਅਤੇ ਆਸ਼ੀਰਵਾਦ ਮਿਲਦੇ ਹਨ।