ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ । ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ‘ਤੇ ਫੈਸਲਾ ਲਿਆ ਜਾ ਸਕਦਾ ਹੈ। 3 ਤਖਤਾਂ ਦੇ ਜਥੇਦਾਰਾਂ ਨੂੰ ਬਦਲਣ ਤੋਂ ਬਾਅਦ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਮੀਟਿੰਗ ਹੈ। ਧਾਮੀ ਪਹਿਲਾਂ ਹੀ ਇਹ ਦੱਸ ਚੁੱਕੇ ਹਨ ਕਿ ਉਹ ਪ੍ਰਧਾਨ ਦੇ ਅਹੁਦੇ ‘ਤੇ ਨਹੀਂ ਰਹਿਣਾ ਚਾਹੁੰਦੇ ਤਾਂ ਹੋ ਸਕਦਾ ਹੈ ਕਿ ਇਸ ਮੀਟਿੰਗ ਵਿੱਚ ਧਾਮੀ ਦੇ ਅਸਤੀਫੇ ਨੂੰ ਮਨਜ਼ੂਰ ਕਰਕੇ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਜਾ ਸਕਦੀ ਹੈ। ਕਮੇਟੀ ਵੱਲੋਂ ਧਾਮੀ ਦਾ ਅਸਤੀਫਾ ਮਨਜ਼ੂਰ ਕਰਨ ਅਤੇ ਨਵੇਂ ਪ੍ਰਧਾਨ ਦੀ ਨਿਯੁਕਤੀ ਕਰਨ ਦੀ ਸੰਭਾਵਨਾ ਇਸ ਲਈ ਵੀ ਮਜ਼ਬੂਤ ਹੈ ਕਿਉਂਕਿ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸੈਸ਼ਨ ਹੋਣਾ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਕਰਦਾ ਹੈ। ਜੇਕਰ ਪ੍ਰਧਾਨ ਨਹੀਂ ਹੋਵੇ, ਤਾਂ ਇਹ ਜ਼ਿੰਮੇਵਾਰੀ ਸੀਨੀਅਰ ਉਪ-ਪ੍ਰਧਾਨ ਨੂੰ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਦੀ ਸਥਿਤੀ ਪਹਿਲਾਂ ਵੀ 1999 ਵਿੱਚ ਬਣੀ ਸੀ, ਜਦੋਂ ਜਥੇਦਾਰ ਗੁਰਚਰਨ ਸਿੰਘ ਟੋਹੜਾ ਨੇ ਅਸਤੀਫਾ ਦਿੱਤਾ ਸੀ ਅਤੇ ਉਸ ਸਮੇਂ ਉਪ-ਪ੍ਰਧਾਨ ਅਲਵਿੰਦਰ ਸਿੰਘ ਪਖੋਕੇ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ। ਪਰ ਹੁਣ ਦੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਾਫ ਹੋਵੇਗੀ। ਅੱਜ ਹਰ ਕਿਸੇ ਦੀ ਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ‘ਤੇ ਰਹੇਗੀ।