ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਉੱਥੇ ਕਿਸ ਤਰ੍ਹਾਂ ਦੇ ਨਸ਼ੇ ਉਪਲਬਧ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸ ਦੇ ਆਧਾਰ ‘ਤੇ ਐੱਸਐੱਸਪੀਜ਼ ਅਤੇ ਐੱਸਐੱਚਓਜ਼ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ।
DGP ਗੌਰਵ ਯਾਦਵ ਨੇ ਕਿਹਾ ਕਿ ਪਤਾ ਲਗਾਇਆ ਜਾਵੇਗਾ ਕਿ ਕਿਹੜੀ ਥਾਂ ’ਤੇ ਕਿਸ ਤਰ੍ਹਾਂ ਦਾ ਨਸ਼ਾ ਵਿਕਦਾ ਹੈ। ਪੁਲਿਸ ਵਲੋਂ ਉਸ ਹਿਸਾਬ ਨਾਲ ਖਾਕਾ ਉਲੀਕ ਕੇ ਕਾਰਵਾਈ ਕੀਤੀ ਜਾਵੇਗੀ। ਨੀਤੀ ਤਹਿਤ ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਨਸ਼ਾ ਛੁਡਾਉਣ ਦੇ ਵੱਖ-ਵੱਖ ਪੜਾਵਾਂ ‘ਤੇ ਕੰਮ ਕੀਤਾ ਜਾਵੇਗਾ। ਸਾਡਾ ਮੁੱਖ ਨਿਸ਼ਾਨਾ ਨਸ਼ਾ ਸਪਲਾਈ ਕਰਨ ਵਾਲਿਆਂ ‘ਤੇ ਹੋਵੇਗਾ, ਜਦਕਿ ਨਸ਼ਾ ਪੀੜਤਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਥਾਣਿਆਂ ਦੇ ਮੁਨਸ਼ੀਆਂ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਟੇਟ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਾਕਿਸਤਾਨ ਦੀ ਏਜੰਸੀ ਆਈਐਸਆਈ ਅਤੇ ਉਥੋਂ ਦੇ ਤਸਕਰਾਂ ਦਾ ਨੁਕਸਾਨ ਹੋਇਆ ਹੈ। ਅਜਿਹੇ ਵਿੱਚ ਪਾਕਿਸਤਾਨ ਹੁਣ ਪੰਜਾਬ ਵਿੱਚ ਅਸ਼ਾਂਤੀ ਫੈਲਾ ਕੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਡੀਜੀਪੀ ਨੇ ਨਸ਼ਿਆਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਦੱਸਦਿਆਂ ਕਿਹਾ ਕਿ 20 ਦਿਨਾਂ ‘ਚ 2364 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ 1572 ਪਰਚੇ ਦਰਜ ਕੀਤੇ ਗਏ ਹਨ, 28 ਐਨਕਾਊਂਟਰ ਕੀਤੇ ਗਏ ਅਤੇ 33 ਘਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ। ਨਸ਼ਾ ਤਸਕਰਾਂ ਕੋਲੋਂ ਹੁਣ ਤੱਕ 63 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅੱਜ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ, ਏਡੀਜੀਪੀ ਅਤੇ ਆਈਜੀ ਪੱਧਰ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਹਰ ਤੱਥ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।