ਨਵਾਂਸ਼ਹਿਰ/ਬੰਗਾ 18 ਮਾਰਚ (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਮਾਤਾ ਸਰਦਾਰਨੀ ਦਲਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਗੁਰੂ ਨਾਨਕ ਨਿਵਾਸ, ਪਿੰਡ ਭੌਰਾ ਵਿਖੇ ਹੋਈ। ਇਸ ਦੌਰਾਨ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਜਿਨ੍ਹਾਂ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ, ਪੰਜਾਬ ਕੰਟੇਨਰ ਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਨਵਾਂਸ਼ਹਿਰ ਡਾ. ਨਛੱਤਰ ਪਾਲ, ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ, ਸਾਬਕਾ ਵਿਧਾਇਕ ਅੰਗਦ ਸਿੰਘ ਅਤੇ ਹੋਰ ਸ਼ਖਸੀਅਤਾਂ ਸ਼ਾਮਿਲ ਸਨ।

ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਤਾ ਦਲਜੀਤ ਕੌਰ ਬਹੁਤ ਮਾਣ ਮਹਿਸੂਸ ਕਰਦੇ ਹੋਣਗੇ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਦੇ ਮਾਪਿਆਂ ਨੂੰ ਆਪਣੇ ਮਾਪੇ ਸਮਝ ਕੇ ਉਨ੍ਹਾਂ ਦੀ ਸੇਵਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਡਾ. ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਪੰਜਾਬ ਦੀ ਵਾਗਡੋਰ ਨੂੰ ਸਾਂਭ ਕੇ ਰੱਖਿਆ ਹੈ। ਡਾ. ਬਲਬੀਰ ਸਿੰਘ ਨੇ ਇਸ ਮੌਕੇ ਪਿੰਡ ਦੇ ਵਿਕਾਸ ਲਈ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਪ੍ਰਣ ਲਿਆ ਅਤੇ ਦੁੱਖ ਦੀ ਘੜੀ ਵਿਚ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।