Wednesday, March 19, 2025

ਸੀ ਐੱਮ ਭਗਵੰਤ ਸਿੰਘ ਮਾਨ ਨੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰ ਨੇ ਸਿਰਫ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਸਿਰਫ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਗੁਰੂ ਨਾਨਕ ਦੇਵ ਭਵਨ ਵਿੱਚ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੇ ਸਮਾਗਮ ਦੌਰਾਨ, ਮੁੱਖ ਮੰਤਰੀ ਨੇ ਨਵ-ਨਿਯੁਕਤਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੀ ਸਲਾਹ ਦਿੱਤੀ, ਤਾਂ ਜੋ ਉਹ ਆਪਣੇ ਲਈ ਢੁੱਕਵਾਂ ਕੈਰੀਅਰ ਚੁਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਅਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ ‘ਤੇ ਚੜ੍ਹ ਜਾਂਦੇ ਸਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਨੂੰ ਭਰ ਰਹੀ ਹੈ ਅਤੇ ਭਰਤੀ ਪ੍ਰਕਿਰਿਆ ਪਾਰਦਰਸ਼ੀ ਹੈ, ਜਿਸ ਨਾਲ ਕਿਸੇ ਵੀ ਨਿਯੁਕਤੀ ਨੂੰ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਨਸ਼ਿਆਂ ਦੇ ਖਿਲਾਫ ਮੁਹਿੰਮ ਦੀ ਵੀ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਰਹੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਪਲ ਹੈ ਕਿਉਂਕਿ ਇਹ ਨੌਜਵਾਨ ਪੰਜਾਬ ਸਰਕਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਨਾਲ ਜੁੜ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਰਿਕਾਰਡ 52 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਅਲਾਮਤਾਂ ਦਾ ਖਾਤਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਮਿਲੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਪੁਖਤਾ ਵਿਉਂਤਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨੇਕ ਕਾਰਜ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles