Friday, March 21, 2025

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ)

ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਿਸੇ ਵੀ ਜਗ੍ਹਾਂ ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰਖੱਤਾਂ ਨੂੰ ਕੱਟਣਾ ਜ਼ਰੂਰੀ ਹੋਵੇ ਤਾਂ ਉਸ ਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।

ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ‘ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 12 ਮਈ, 2025 ਤੱਕ ਲਾਗੂ ਰਹਿਣਗੇ।

Related Articles

LEAVE A REPLY

Please enter your comment!
Please enter your name here

Latest Articles