ਬਲਾਚੌਰ, 24 ਅਗਸਤ: (ਜਤਿੰਦਰ ਪਾਲ ਸਿੰਘ ਕਲੇਰ)
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੂਬੇ ਨੂੰ ‘ਨਸ਼ਾ ਮੁਕਤ’ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਬਛੋੜੀ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ‘ਮੁੱਖ ਮੰਤਰੀ ਖੇਡ ਸਟੇਡੀਅਮ’ ਦਾ ਰਸਮੀ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ, “ਸਾਡਾ ਮੁੱਖ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਹੈ, ਤਾਂ ਜੋ ਉਹ ਆਪਣੀ ਮਿਹਨਤ ਨਾਲ ਦੇਸ਼ ਅਤੇ ਦੁਨੀਆ ਭਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।” ਉਨ੍ਹਾਂ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖਿਡਾਰੀਆਂ ਵਿੱਚ ਬਹੁਤ ਪ੍ਰਤਿਭਾ ਹੈ, ਜਿਸ ਨੂੰ ਲੋੜੀਂਦੇ ਬੁਨਿਆਦੀ ਢਾਂਚੇ ਦੀ ਲੋੜ ਸੀ। ਇਹ ਸਟੇਡੀਅਮ ਉਸੇ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਯੂਥ ਵਿੰਗ ਦਾ ਪੂਰਾ ਜ਼ੋਰ ਨੌਜਵਾਨਾਂ ਨੂੰ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ‘ਤੇ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਖੇਡਾਂ ਨਾਲ ਜੁੜੇ ਰਹਿਣਗੇ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਆਪਣੇ-ਆਪ ਦੂਰ ਰਹਿਣਗੇ।ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਬੀ ਡੀ ਪਿ ਓ ਸਤਿੰਦਰ ਸਿੰਘ, ਅਰਸ਼ਦੀਪ ਸਿੰਘ ਜੇ ਈ , ਪਰਵੀਰ ਜੇ ਈ, ਗਗਨਦੀਪ ਸਿੰਘ ਬੱਲ, ਅਮਰਜੀਤ ਬੈਂਸ, ਪ੍ਰਦੀਪ ਕੁਮਾਰ, ਮਹਿੰਦਰ ਸਿੰਘ (ਸਾਬਕਾ ਸਰਪੰਚ), ਸੁਲੱਖਣ ਸਿੰਘ (ਸਰਪੰਚ), ਅਮਰਜੀਤ ਸਿੰਘ ਬੈਂਸ, ਕਮਲਜੀਤ ਸਿੰਘ ਬਾਬਾ, ਪ੍ਰੋ. ਵਰਿੰਦਰ ਕੁਮਾਰ, ਦਿਲਾਵਰ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਕਾਲਾ, ਭਜਨ ਸਿੰਘ, ਸੁਖਵਿੰਦਰ ਕੌਰ (ਪੰਚ), ਹਨੀ, ਸ਼ਿੰਦਾ, ਅਰਸ਼, ਬਲਿਹਾਰ ਸਿੰਘ ਫੋਜੀ, ਕਮਲਜੀਤ ਕੌਰ ਅਤੇ ਕੇਵਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।











Leave a Reply