‘ਸਾਢੇ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਉਹ ਕਰ ਵਿਖਾਇਆ ਜੋ ਪਹਿਲਾਂ ਕੋਈ ਸਰਕਾਰ ਨਹੀਂ ਕਰ ਸਕੀ’—ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ, (ਜਤਿੰਦਰ ਪਾਲ ਸਿੰਘ ਕਲੇਰ) :
ਪੰਜਾਬ ਗੁੱਜਰ ਭਲਾਈ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਿੰਡ ਭੋਲੇਵਾਲ ਵਿਖੇ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਜਿਹੇ ਕਈ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਆਪਣੇ ਲੰਮੇ ਕਾਰਜਕਾਲ ਦੌਰਾਨ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਅਤੇ ਖਾਸ ਕਰਕੇ ਕੰਢੀ ਖੇਤਰ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

– 95 ਫੀਸਦੀ ਘਰਾਂ ਦੇ ਬਿਜਲੀ ਬਿੱਲ ਮੁਆਫ਼ ਹੋਣ ਦਾ ਕੀਤਾ ਦਾਅਵਾ
ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਕਾਰਨ ਅੱਜ ਪੰਜਾਬ ਦੇ 95 ਫੀਸਦੀ ਘਰਾਂ ਵਿੱਚ ਬਿਜਲੀ ਦੇ ਬਿੱਲ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ ਅਤੇ ਲੋਕਾਂ ਦੀ ਘਰੇਲੂ ਆਮਦਨ ਦਾ ਇੱਕ ਹਿੱਸਾ ਬਿਜਲੀ ਦੇ ਖਰਚਿਆਂ ਤੋਂ ਬਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਹੈ ਅਤੇ ਇਸੇ ਦਿਸ਼ਾ ਵਿੱਚ ਵੱਖ-ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ।
– ਕੰਢੀ ਨਹਿਰ ਦਾ ਪਾਣੀ ਇਲਾਕੇ ਦੇ ਕਿਸਾਨਾਂ ਲਈ ਬਣਿਆ ਵਰਦਾਨ
ਲੋਕ ਮਿਲਣੀ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੰਢੀ ਨਹਿਰ ਨੂੰ ਇਲਾਕੇ ਦੀ ਇੱਕ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਇਸ ਖੇਤਰ ਦੇ ਕਿਸਾਨਾਂ ਨੂੰ ਹੁਣ ਨਹਿਰ ਦਾ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦਾ ਮਸਲਾ ਕਈ ਦਹਾਕਿਆਂ ਤੋਂ ਲਟਕਦਾ ਆ ਰਿਹਾ ਸੀ ਅਤੇ ਵੱਖ-ਵੱਖ ਸਰਕਾਰਾਂ ਦੇ ਸਮੇਂ ਇਸ ਨੂੰ ਪੂਰਾ ਕਰਨ ਦੀਆਂ ਗੱਲਾਂ ਤਾਂ ਹੁੰਦੀਆਂ ਰਹੀਆਂ, ਪਰ ਲੋਕਾਂ ਨੂੰ ਇਸ ਦਾ ਪੂਰਾ ਲਾਭ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਦੀ ਇਸ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਬਲਾਚੌਰ ਹਲਕੇ ਵਿੱਚ ਕੰਢੀ ਨਹਿਰ ਦਾ ਪਾਣੀ ਚਾਲੂ ਕਰਵਾਇਆ ਗਿਆ ਹੈ। ਉਨ੍ਹਾਂ ਮੁਤਾਬਕ ਨਹਿਰ ਦਾ ਪਾਣੀ ਇਸ ਇਲਾਕੇ ਦੇ ਕਿਸਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਅਤੇ ਇਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਮਿਲਣ ਦੀ ਉਮੀਦ ਹੈ।
– ਔਰਤਾਂ ਅਤੇ ਬਜ਼ੁਰਗਾਂ ਲਈ ਸਰਕਾਰੀ ਸਕੀਮਾਂ ਦਾ ਕੀਤਾ ਜ਼ਿਕਰ
ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਬਜ਼ੁਰਗਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਔਰਤਾਂ ਨੂੰ ‘ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ’ ਤਹਿਤ ਪ੍ਰਤੀ ਮਹੀਨਾ 1000 ਅਤੇ 1500 ਰੁਪਏ ਦੀ ਰਾਸ਼ੀ ਮਿਲਣੀ ਸ਼ੁਰੂ ਹੋ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 50 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਯੋਜਨਾਵਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਹੈ।
– ‘ਇਲਾਕੇ ਦੀ ਹਰ ਸਮੱਸਿਆ ਦੇ ਹੱਲ ਲਈ ਹਾਜ਼ਰ ਹਾਂ’
ਲੋਕ ਮਿਲਣੀ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਇਲਾਕੇ ਦੀ ਹਰ ਸਮੱਸਿਆ ਦੇ ਹੱਲ ਲਈ ਲੋਕਾਂ ਵਿਚਕਾਰ ਅਤੇ ਹਰ ਵੇਲੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਉਨ੍ਹਾਂ ਪਿੰਡ ਵਾਸੀਆਂ ਨਾਲ ਸਥਾਨਕ ਸਮੱਸਿਆਵਾਂ ਸਬੰਧੀ ਵੀ ਗੱਲਬਾਤ ਕੀਤੀ ਅਤੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
– ਪਿੰਡ ਵਾਸੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਸਨਮਾਨ
ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬ੍ਰਿਗੇਡੀਅਰ ਰਾਜ ਕੁਮਾਰ ਦਾ ਸਨਮਾਨ ਕੀਤਾ ਗਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ।
ਇਸ ਮੌਕੇ ਅਸ਼ੋਕ ਕੁਮਾਰ ਸਰਪੰਚ ਭੋਲੇਵਾਲ, ਮਾਸਟਰ ਮਹਿੰਦਰ ਪਾਲ ਭੋਲੇਵਾਲ, ਪ੍ਰੇਮ ਚੰਦ ਚਾਂਦਪੁਰ ਰੁੜਕੀ, ਮਹਿੰਦਰ ਪਾਲ ਨੰਬਰਦਾਰ, ਜਗਦੀਸ਼ ਰਾਏ ਸਟੇਟ ਮੈਂਬਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।













Leave a Reply