ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ
ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ
ਨਵਾਂਸ਼ਹਿਰ /ਖਟਕੜ ਕਲਾਂ (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਅੱਜ ਇੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਅੱਜ ਦਾ ਇਹ ਅਹਿਮ ਮੌਕਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਿਮਾਣੇ ਜਿਹੇ ਯਤਨ ਵਜੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ‘ਤੇ ਰੱਖਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਪਰ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਲੋਕਾਂ ਨੂੰ ਸਮਰਪਿਤ ਕੀਤਾ ਹੈ ਜਿਸ ਵਿੱਚ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੁੱਤ ਇਸ ਲਈ ਲਾਇਆ ਗਿਆ ਹੈ ਤਾਂ ਜੋ ਉਸ ਸੜਕ ਤੋਂ ਗੁਜ਼ਰਨ ਵਾਲੇ ਲੋਕ ਇਸ ਮਹਾਨ ਸ਼ਹੀਦ ਨੂੰ ਯਾਦ ਕਰ ਸਕਣ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਅਜਿਹੇ ਉਪਰਾਲੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਇਸ ਮਹਾਨ ਸ਼ਹੀਦ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ ਚਾਨਣ ਮੁਨਾਰਾ ਸਾਬਤ ਹੋਣਗੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਜਾਂ ਵਿਦੇਸ਼ ਤੋਂ ਕੋਈ ਵੀ ਸ਼ਖਸੀਅਤ ਸੂਬੇ ਦਾ ਦੌਰਾ ਕਰਦੀ ਹੈ ਤਾਂ ਉਹ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਵਰਗੀਆਂ ਅਲਾਮਤਾਂ ਅੱਜ ਵੀ ਮੌਜੂਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਹੱਥ ਸੱਤਾ ਦੀ ਵਾਗਡੋਰ ਆਈ, ਉਨ੍ਹਾਂ ਲੋਕਾਂ ਨੇ ਅੰਗਰੇਜ਼ਾਂ ਤੋਂ ਵੀ ਵੱਧ ਬੇਰਹਿਮੀ ਨਾਲ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਰੂਹਾਂ ਉਦੋਂ ਕੁਰਲਾ ਉੱਠੀਆਂ ਹੋਣਗੀਆਂ, ਜਦੋਂ ਉਹ ਵੱਡੇ ਅਫਸਰਾਂ ਅਤੇ ਜੱਜਾਂ ਦੇ ਘਰਾਂ ਤੋਂ ਭਾਰੀ ਮਾਤਰਾ ਵਿੱਚ ਨਗਦੀ ਬਰਾਮਦ ਹੁੰਦੇ ਵੇਖਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਦਾਗੀ ਲੋਕਾਂ ਤੋਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਗਲਤ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਲਈ ਨਹੀਂ ਦਿੱਤੀਆਂ ਸਨ ਕਿ ਦੇਸ਼ ਵਿੱਚ ਭ੍ਰਿਸ਼ਟਾਚਾਰ ਜੜ੍ਹਾਂ ਲਾ ਲਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਵਿੱਚ ਇੱਥੋਂ ਸਹੁੰ ਚੁੱਕਣ ਤੋਂ ਬਾਅਦ ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਨੇ ਜੁਲਾਈ ਮਹੀਨੇ ਤੋਂ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਜਿਸ ਤੋਂ ਬਾਅਦ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਉਣ ਲਈ ਕਿਸੇ ਨਿੱਜੀ ਕੰਪਨੀ ਤੋਂ ਪਾਵਰ ਪਲਾਂਟ ਖਰੀਦਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿੱਥੇ ਤਿੰਨ ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 52,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਲੋਕਾਂ ਨੂੰ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਬਾਬਾ ਸਾਹਿਬ ਇਕ ਨਿਮਰ ਪਰਿਵਾਰ ਤੋਂ ਸਨ, ਪਰ ਸਿੱਖਿਆ ਪ੍ਰਾਪਤ ਕਰਕੇ ਉਹ ਵਿਸ਼ਵ ਦੇ ਚੋਟੀ ਦੀਆਂ ਸ਼ਖਸੀਅਤਾਂ ਦੀ ਸੂਚੀ ਵਿੱਚ ਸ਼ੁਮਾਰ ਹੋਏ। ਉਨ੍ਹਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਗ਼ਰੀਬ ਪਰ ਹੁਸ਼ਿਆਰ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀ ਸੋਚ ਅਨੁਸਾਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਛੋਟੀ ਉਮਰ ਵਿੱਚ ਹੀ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਪਿਛਲੀਆਂ ਸਰਕਾਰਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸਾਡੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਸੁਪਨਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਦੀ ਛੋਟੀ ਉਮਰ ਵਿੱਚ ਹੋਈ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਦੇਸ਼ ਨੇ ਆਜ਼ਾਦੀ ਹਾਸਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਭਾਰਤ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਇਸ ਪਵਿੱਤਰ ਧਰਤੀ ‘ਤੇ ਆ ਕੇ ਸੁਭਾਗਾ ਮਹਿਸੂਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਹਮੇਸ਼ਾ ਇਸ ਮਹਾਨ ਸ਼ਹੀਦ ਦਾ ਰਿਣੀ ਰਹੇਗਾ ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸਿਰਫ਼ ਇਕ ਵਿਅਕਤੀ ਹੀ ਨਹੀਂ ਸਗੋਂ ਇਕ ਸੰਸਥਾ ਸੀ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਏ ਹਰ ਯਤਨ ਦਾ ਉਦੇਸ਼ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਨੇ ਸ਼ਹੀਦ ਦੇ ਪਿਤਾ ਸਵਰਗੀ ਸਰਦਾਰ ਕਿਸ਼ਨ ਸਿੰਘ ਦੀ ਸਮਾਧੀ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ।