ਵਿਧਾਇਕਾ ਸੰਤੋਸ਼ ਕਟਾਰੀਆ ਨੇ ਹਲਕਾ ਬਲਾਚੌਰ ਦੇ ਵਿਕਾਸ ਨੂੰ ਦਿੱਤੀ ਨਵੀਂ ਰਫ਼ਤਾਰ, ਤਿੰਨ ਪਿੰਡਾਂ ਦੀਆਂ ਪੰਚਾਇਤਾਂ ਨੂੰ 25 ਲੱਖ ਰੁਪਏ ਦੇ ਵਿਕਾਸ ਗ੍ਰਾਂਟ ਚੈੱਕ ਭੇਟ


ਪਿੰਡ ਕਰਾਵਰ ਨੂੰ 11 ਲੱਖ, ਲੋਹਟ ਨੂੰ 8 ਲੱਖ ਅਤੇ ਕੌਲਗੜ੍ਹ ਨੂੰ 6 ਲੱਖ ਰੁਪਏ ਦੀ ਗ੍ਰਾਂਟ — ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, ( ਜਤਿੰਦਰ ਪਾਲ ਸਿੰਘ ਕਲੇਰ)

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਕੁੱਲ 25 ਲੱਖ ਰੁਪਏ ਦੀਆਂ ਵਿਸ਼ੇਸ਼ ਵਿਕਾਸ ਗ੍ਰਾਂਟਾਂ ਦੇ ਚੈੱਕ ਸਬੰਧਤ ਪਿੰਡ ਪੰਚਾਇਤਾਂ ਨੂੰ ਭੇਟ ਕੀਤੇ ਗਏ।

ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਕਰਾਵਰ ਦੀ ਪੰਚਾਇਤ ਨੂੰ 11 ਲੱਖ ਰੁਪਏ, ਪਿੰਡ ਲੋਹਟ ਦੀ ਪੰਚਾਇਤ ਨੂੰ 8 ਲੱਖ ਰੁਪਏ ਅਤੇ ਪਿੰਡ ਕੌਲਗੜ੍ਹ ਦੀ ਪੰਚਾਇਤ ਨੂੰ 6 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦੇ ਚੈੱਕ ਸੌਂਪੇ ਗਏ।

ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਪਿੰਡ ਅਤੇ ਹਰ ਘਰ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਾਂਗ ਮਿਆਰੀ ਬੁਨਿਆਦੀ ਸਹੂਲਤਾਂ ਮਿਲਣ ਅਤੇ ਪਿੰਡਾਂ ਦੇ ਰਹਿਣ-ਸਹਿਣ ਦੇ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦੀਆਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਪੁਰਾਣੇ ਵਿਕਾਸ ਕਾਰਜਾਂ ਦੀ ਮੁਰੰਮਤ, ਛੱਪੜਾਂ ਦੇ ਨਵੀਨੀਕਰਨ, ਸਾਫ਼-ਸੁਥਰੇ ਵਾਤਾਵਰਨ ਅਤੇ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਸਮਾਗਮ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਮਹੱਤਵਪੂਰਨ ਫ਼ੈਸਲਿਆਂ ਅਤੇ ਜਨ-ਹਿੱਤੈਸ਼ੀ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਰਾਹਤ ਦੇਣ ਲਈ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇ ਅਤੇ ਉਹ ਆਪਣੇ ਭਵਿੱਖ ਨੂੰ ਰੌਸ਼ਨ ਬਣਾ ਸਕਣ।

ਉਨ੍ਹਾਂ ਕਿਹਾ ਕਿ ਹਲਕਾ ਬਲਾਚੌਰ ਦੇ ਵਿਕਾਸ ਲਈ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਖੇਤਰ ਦੇ ਪਿੰਡਾਂ ਦੀਆਂ ਲੋੜਾਂ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੀ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਹਲਕਾ ਬਲਾਚੌਰ ਦੇ ਹਰ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਇਨ੍ਹਾਂ ਵਿਕਾਸ ਗ੍ਰਾਂਟਾਂ ਨਾਲ ਪਿੰਡ ਕਰਾਵਰ, ਲੋਹਟ ਅਤੇ ਕੌਲਗੜ੍ਹ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਨੇਪਰੇ ਚੜ੍ਹਾਇਆ ਜਾਵੇਗਾ।

ਇਸ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕਾ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਵਿਧਾਇਕਾ ਵੱਲੋਂ ਖੇਤਰ ਦੇ ਵਿਕਾਸ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਹਲਕੇ ਦੇ ਲੋਕਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

ਸਮਾਗਮ ਦੌਰਾਨ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।


Leave a Reply

Your email address will not be published. Required fields are marked *