7 ਸਤੰਬਰ ਨੂੰ ਆਈ.ਟੀ.ਆਈ. ਕਾਲਜ ਨਵਾਂਸ਼ਹਿਰ ਵਿਖੇ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਉਦਘਾਟਨ
ਨਵਾਂਸ਼ਹਿਰ, (ਜਤਿੰਦਰਪਾਲ ਸਿੰਘ ਕਲੇਰ) :
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਜਾਚ ਨਾਲ ਜੋੜਨ ਲਈ ਉਲੀਕੇ ਗਏ ਮਿਸ਼ਨ ‘ਤੰਦਰੁਸਤ ਪੰਜਾਬ, ਸਿਹਤਮੰਦ ਪੰਜਾਬ’ ਤਹਿਤ ਮਹਾਂ-ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਉਦਘਾਟਨੀ ਸਮਾਰੋਹ ਆਉਂਦੀ 7 ਸਤੰਬਰ 2026 ਨੂੰ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਐਡਵੋਕੇਟ ਸੰਜੀਵ ਚੋਧਰੀ ਚੇਚੀ ਜਿਲ੍ਹਾਂ ਪ੍ਰਧਾਨ ਅਤੇ ਜਿਲ੍ਹਾਂ ਯੋਜਨਾ ਬੋਰਡ ਚੇਅਰਮੈਨ ਨਵਾਂਸ਼ਹਿਰ , ਹਲਕਾ ਇੰਚਾਰਜ ਨਵਾਂਸ਼ਹਿਰ ਰੌਬੀ ਕੰਗ ਅਤੇ ‘ਆਪ’ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਲੱਕੀ ਲੱਧੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਅਤੇ ਉਸਾਰੂ ਪਾਸੇ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਉਦਘਾਟਨੀ ਸਮਾਰੋਹ ਮਿਤੀ 7 ਸਤੰਬਰ 2026 (ਸੋਮਵਾਰ) ਨੂੰ ਸਵੇਰੇ 11 ਵਜੇ ਆਈ.ਟੀ.ਆਈ. ਕਾਲਜ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਪੂਰੇ ਉਤਸ਼ਾਹ ਨਾਲ ਆਯੋਜਿਤ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਇਹ ਖੇਡਾਂ ਪਿੰਡਾਂ ਅਤੇ ਬਲਾਕ ਪੱਧਰ ਦੇ ਲੁਕੇ ਹੋਏ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਲੈ ਕੇ ਜਾਣ ਲਈ ਇੱਕ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਬੇਹੱਦ ਜ਼ਰੂਰੀ ਹੈ, ਜਿਸ ਨਾਲ ਨਾ ਸਿਰਫ਼ ਸਰੀਰਕ ਤੰਦਰੁਸਤੀ ਵੱਧਦੀ ਹੈ ਸਗੋਂ ਮਾਨਸਿਕ ਵਿਕਾਸ ਵੀ ਹੁੰਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੀ ਦੇਖ-ਰੇਖ ਹੇਠ ਹੋਣ ਵਾਲੇ ਇਸ ਸਮਾਗਮ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਸਾਰੇ ਢੁਕਵੇਂ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਐਡਵੋਕੇਟ ਸੰਜੀਵ ਚੋਧਰੀ ਚੇਚੀ ਜਿਲ੍ਹਾਂ ਪ੍ਰਧਾਨ ਅਤੇ ਜਿਲ੍ਹਾਂ ਯੋਜਨਾ ਬੋਰਡ ਚੇਅਰਮੈਨ ਨਵਾਂਸ਼ਹਿਰ , ਰੌਬੀ ਕੰਗ ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਲੱਕੀ ਲੱਧੜ ਯੂਥ ਵਿੰਗ ਜਿਲ੍ਹਾਂ ਪ੍ਰਧਾਨ ਨੇ ਨਵਾਂਸ਼ਹਿਰ ਇਲਾਕੇ ਦੇ ਸਮੂਹ ਖੇਡ ਪ੍ਰੇਮੀਆਂ, ਪੰਚਾਂ-ਸਰਪੰਚਾਂ ਅਤੇ ਨੌਜਵਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 7 ਸਤੰਬਰ ਨੂੰ ਸਵੇਰੇ 11 ਵਜੇ ਆਈ.ਟੀ.ਆਈ. ਕਾਲਜ ਨਵਾਂਸ਼ਹਿਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਇਸ ਖੇਡ ਮੇਲੇ ਨੂੰ ਸਫਲ ਬਣਾਉਣ। ਇਸ ਮੌਕੇ ਖੇਡਣ ਵਿਭਾਗ ਦੇ ਅਧਿਕਾਰੀਆਂ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।







Leave a Reply