ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਜੈ ਜਵਾਨ ਅਤੇ ਜੈ ਕਿਸਾਨ ਦੇ ਨਾਅਰੇ ਲਗਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦੇ ਅੰਨਦਾਤਾ ਕਿਸਾਨਾਂ ਅਤੇ ਸਰਹੱਦਾਂ ਤੇ ਰਾਖੀ ਕਰਨ ਵਾਲੇ ਜਵਾਨਾਂ ਉੱਪਰ ਹੋਏ ਪੁਲਿਸ ਤਸ਼ੱਦਦ ਦੀ ਜਿੰਨੀ ਵੀ ਨਿਖੇਦੀ ਕੀਤੀ ਜਾਵੇ ਘੱਟ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਆਖਿਆ ਕਿ ਪੰਜਾਬ ਦੇ ਹਾਲਾਤ ਬੇਕਾਬੂ ਹੋ ਚੁੱਕੇ ਹਨ ਅਤੇ ਪੁਲਿਸ ਦਾ ਡੰਡਾ ਤੰਤਰ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਅੱਗੇ ਵੱਧਦਾ ਜਾ ਰਿਹਾ ਹੈ। ਇਸ ਮੌਕੇ ਕਰਨਲ ਪੁਸ਼ਪਿੰਦਰ ਸਿੰਘ ਬਾਂਠ ਦੇ ਉੱਪਰ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੀ ਛਵੀ ਨੂੰ ਖਰਾਬ ਕਰਨ ਵਾਲੇ ਐਸੇ ਸਰਕਾਰੀ ਵਰਦੀ ਧਾਰੀਆਂ ਨੂੰ ਮਿਸਾਲੀ ਸਜਾ ਮਿਲਣੀ ਚਾਹੀਦੀ ਹੈ। ਕਿਉਂਕਿ ਅਗਰ ਦੇਸ਼ ਦੇ ਜਵਾਨ ਹੀ ਅੰਦਰੂਨੀ ਇਲਾਕਿਆਂ ਦੇ ਵਿੱਚ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਧਰਨਿਆਂ ਉੱਪਰ ਬੈਠੇ ਹਨ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਕਰਨਲ ਬਾਂਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਰਪੱਖ ਜਾਂਚ ਕਰਵਾ ਕੇ ਕਥਿਤ ਮੁਲਜ਼ਮਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।