ਬੱਲੋਵਾਲ ਸੌਂਖੜੀ ਦੇ ਖੇਤਰੀ ਕੇਂਦਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਪੀ.ਏ.ਯੂ. ਦਾ ਕਿਸਾਨ ਮੇਲਾ ਆਯੋਜਿਤ; ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੰਢੀ ਖੇਤਰ ਦੇ ਕਿਸਾਨਾਂ ਨੂੰ ਪੀ.ਏ.ਯੂ. ਨਾਲ ਜੁੜਨ ਲਈ ਕੀਤਾ ਪ੍ਰੇਰਿਤ


ਬਲਾਚੌਰ, 11 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਹਾੜ੍ਹੀ ਦੀਆਂ ਫ਼ਸਲਾਂ ਲਈ ਲਾਏ ਜਾ ਰਹੇ ਕਿਸਾਨ ਮੇਲਿਆਂ ਦੇ ਸਿਲਸਿਲੇ ਤਹਿਤ ਅੱਜ ਡਾ. ਦੇਵ ਰਾਜ ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਵਿਸ਼ੇਸ਼ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ. ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ, ਆਈ.ਏ.ਐੱਸ. ਨੇ ਕੀਤੀ। ਸਮਾਗਮ ਵਿੱਚ ਪੀ.ਏ.ਯੂ. ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ, ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਭਜੋਧ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਹੋਰ ਉੱਚ ਅਧਿਕਾਰੀ ਵੀ ਮੰਚ ‘ਤੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਮੁੱਖ ਭਾਸ਼ਨ ਦਿੰਦਿਆਂ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀ.ਏ.ਯੂ. ਨੇ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦੀ ਕਿਸਾਨੀ ਨੂੰ ਪ੍ਰਫੁੱਲਿਤ ਕਰਨ ਵਿੱਚ ਲਾਸਾਨੀ ਭੂਮਿਕਾ ਨਿਭਾਈ ਹੈ। ਉਨ੍ਹਾਂ ਬੱਲੋਵਾਲ ਸੌਂਖੜੀ ਦੇ ਪੀ.ਏ.ਯੂ.-ਖੇਤੀਬਾੜੀ ਕਾਲਜ ਅਤੇ ਖੇਤਰੀ ਖੋਜ ਕੇਂਦਰ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਇਲਾਕੇ ਦੇ ਕਿਸਾਨਾਂ ਨੂੰ ਇਸ ਗਿਆਨ ਕੇਂਦਰ ਨਾਲ ਵੱਧ ਤੋਂ ਵੱਧ ਜੁੜਨ ਦਾ ਸੱਦਾ ਦਿੱਤਾ। ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਆਉਂਦੀਆਂ ਪੀੜ੍ਹੀਆਂ ਦੇ ਭਵਿੱਖ ਲਈ ਫ਼ਿਕਰਮੰਦੀ ਨੂੰ ਗਹਿਰਾ ਕਰਨ ‘ਤੇ ਜ਼ੋਰ ਦਿੱਤਾ। ਸ. ਕੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਨੂੰ ਪ੍ਰੋਸੈਸਿੰਗ ਅਤੇ ਸਵੈ-ਮੰਡੀਕਰਨ ਦੇ ਰਸਤੇ ਤੋਰਨ ਤਾਂ ਜੋ ਵਿਚੋਲਿਆਂ ਦੀ ਬਜਾਏ ਮੁਨਾਫ਼ਾ ਸਿੱਧਾ ਕਿਸਾਨਾਂ ਤੱਕ ਪਹੁੰਚ ਸਕੇ। ਉਨ੍ਹਾਂ ਕੰਢੀ ਖੇਤਰ ਲਈ ਵਿਭਿੰਨਤਾ ਤਕਨੀਕਾਂ ਅਪਣਾਉਣ ਅਤੇ ਕੁਦਰਤੀ ਸਾਧਨਾਂ ਨੂੰ ਧਾਰਨ ਕਰਕੇ ਖੇਤੀ ਖਰਚਿਆਂ ਨੂੰ ਕਾਬੂ ਹੇਠ ਰੱਖਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਪ੍ਰਧਾਨਗੀ ਭਾਸ਼ਨ ਦਿੰਦਿਆਂ ਵਾਈਸ ਚਾਂਸਲਰ ਡਾ. ਰਿਸ਼ੀਪਾਲ ਸਿੰਘ ਨੇ ਕਿਹਾ ਕਿ ਇਹ ਮੇਲੇ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਨ, ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦਾ ਵਧੀਆ ਮੌਕਾ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮੇਲੇ ਦਾ ਮੁੱਖ ਉਦੇਸ਼ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਰੱਖਿਆ ਗਿਆ ਹੈ ਤਾਂ ਜੋ ਖੇਤੀ ਨੂੰ ਰਵਾਇਤੀ ਤਰੀਕਿਆਂ ਦੀ ਥਾਂ ਕਾਰੋਬਾਰੀ ਵਿਧੀਆਂ ਨਾਲ ਕੀਤਾ ਜਾ ਸਕੇ। ਕੰਢੀ ਖੇਤਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਲਾਕਾ ਸਿੰਚਾਈ ਲਈ ਮੀਂਹ ਦੇ ਪਾਣੀ ‘ਤੇ ਨਿਰਭਰ ਹੈ, ਇਸ ਲਈ ਯੂਨੀਵਰਸਿਟੀ ਨੇ ਘੱਟ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀਆਂ ਉੱਨਤ ਕਿਸਮਾਂ ਅਤੇ ਸੂਖਮ ਸਿੰਚਾਈ ਵਿਧੀਆਂ ਵਿਕਸਤ ਕੀਤੀਆਂ ਹਨ। ਉਨ੍ਹਾਂ ਸਾਉਣੀ ਦੀ ਮੱਕੀ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਵਣ ਖੇਤੀ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਕਰਨ ਦੀ ਵੀ ਸਲਾਹ ਦਿੱਤੀ।

ਪੀ.ਏ.ਯੂ. ਦੇ ਵਧੀਕ ਨਿਰਦੇਸ਼ਕ ਖੋਜ ਡਾ. ਵਰਿੰਦਰ ਸਿੰਘ ਸੋਹੂ ਨੇ ਆਉਂਦੇ ਹਾੜ੍ਹੀ ਸੀਜ਼ਨ ਲਈ ਯੂਨੀਵਰਸਿਟੀ ਦੀਆਂ ਨਵੀਆਂ ਖੋਜ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਣਕ ਦੀਆਂ ਨਵੀਆਂ ਕਿਸਮਾਂ ਪੀ.ਬੀ.ਡਬਲਯੂ. 887 ਅਤੇ ਪੀ.ਬੀ.ਡਬਲਯੂ. 927, ਮਸਰਾਂ ਦੀ ਕਿਸਮ ਐੱਲ.ਐੱਲ. 1613, ਸਰ੍ਹੋਂ ਦੀ ਕਿਸਮ ਪੰਜਾਬ ਰਾਇਆ ਕਨੋਲਾ 7 ਅਤੇ ਪੰਜਾਬ ਰਾਇਆ 813, ਅਤੇ ਬਰਸੀਮ ਦੀ ਕਿਸਮ ਬੀ.ਐੱਲ. 45 ਦੇ ਗੁਣਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਗੁੱਲੀ ਡੰਡੇ ਦੀ ਰੋਕਥਾਮ, ਸੂਖਮ ਸਿੰਚਾਈ ਅਤੇ ਅਚਾਰ ਬਣਾਉਣ ਲਈ ਲੈਕਟਿਕ ਐਸਿਡ ਬੈਕਟੀਰੀਆ ਦੀ ਤਕਨਾਲੋਜੀ ਦੀ ਜਾਣਕਾਰੀ ਵੀ ਦਿੱਤੀ।

ਸਵਾਗਤੀ ਸ਼ਬਦ ਸਾਂਝੇ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨ ਮੇਲਿਆਂ ਨੇ ਪੰਜਾਬ ਵਿੱਚ ਅਗਾਂਹਵਧੂ ਖੇਤੀ ਦੀ ਲਹਿਰ ਉਸਾਰੀ ਹੈ। ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਅਸ਼ੋਕ ਕੁਮਾਰ ਨੇ ਵੀ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਫ਼ਸਲਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਖੇਤੀ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ ਜਸਵਿੰਦਰ ਸਿੰਘ ਅਜੀਮਲ (ਸਿਆਣਾ), ਡਾ. ਗੁਰਜੀਤ ਸਿੰਘ ਸੈਣੀ (ਖਾਲਿਦਪੁਰ), ਸੰਜੀਵ ਕੁਮਾਰ (ਮਹਿਲਾਵਾਲੀ), ਕੁਲਦੀਪ ਸਿੰਘ (ਰੱਤੇਵਾਲ) ਅਤੇ ਦਿਲਜੀਤ ਸਿੰਘ (ਨੈਣਵਾਂ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮਰਹੂਮ ਕਿਸਾਨ ਮਹਿੰਦਰ ਸਿੰਘ ਦੁਸਾਂਝ ਨੂੰ ਵੀ ਯਾਦ ਕੀਤਾ ਗਿਆ। ਇਸ ਤੋਂ ਇਲਾਵਾ ਮਿਹਨਤੀ ਵਿਦਿਆਰਥੀਆਂ ਅਮਨਜੋਤ ਕੌਰ, ਅਰਸ਼ਦੀਪ ਸਿੰਘ, ਗੁਰਨੀਤ ਕੌਰ ਗੋਸਲ ਅਤੇ ਕੋਮਲ ਅਰੋੜਾ ਨੂੰ ਡਾ. ਦੇਵ ਰਾਜ ਭੂੰਬਲਾ ਸਕਾਲਰਸ਼ਿਪ ਦੇ ਚੈੱਕ ਭੇਂਟ ਕੀਤੇ ਗਏ ਅਤੇ ਡਾ. ਭੂੰਬਲਾ ਦੇ ਸਪੁੱਤਰ ਦਵਿੰਦਰ ਭੂੰਬਲਾ ਦਾ ਵੀ ਸਨਮਾਨ ਕੀਤਾ ਗਿਆ।

ਮੇਲੇ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਡਾ. ਜਸ਼ਨਪ੍ਰੀਤ ਕੌਰ ਸਿੱਧੂ ਨੇ ਕੀਤਾ, ਜਦਕਿ ਧੰਨਵਾਦ ਦੇ ਸ਼ਬਦ ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਕਹੇ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਲਗਾਈਆਂ ਗਈਆਂ ਸਟਾਲਾਂ ਤੋਂ ਕਿਸਾਨਾਂ ਨੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿੱਚ ਭਾਰੀ ਉਤਸ਼ਾਹ ਦਿਖਾਇਆ। ਗੁਰਦੁਆਰਾ ਸ਼੍ਰੀ ਗੜ੍ਹੀ ਸਾਹਿਬ ਚਮਕੌਰ ਸਾਹਿਬ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ ਅਤੇ ਅੰਤ ਵਿੱਚ ਖੇਤੀਬਾੜੀ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਮੇਲੇ ਨੂੰ ਯਾਦਗਾਰ ਬਣਾ ਦਿੱਤਾ।


Leave a Reply

Your email address will not be published. Required fields are marked *