ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):
ਪਿੰਡ ਕੁਲੇਵਾਲ ਵਿਖੇ ਲੋਕਾਂ ਨਾਲ ਮੁਲਾਕਾਤ ਦੌਰਾਨ ਪੰਜਾਬ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਦੁਬਾਰਾ ਇਤਿਹਾਸ ਰਚੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਕਰਕੇ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਕੈਪਟਨ ਰਘੂਵੀਰ ਸਿੰਘ ਦੀ ਭੂਮਿਕਾ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਮਜਾਰੀ ਟੋਲ ਪਲਾਜ਼ਾ ’ਤੇ ਲੱਗੇ ਮੋਰਚੇ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਅਤੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਜਿਸ ਕਾਰਨ ਇਲਾਕੇ ਵਿੱਚ ਉਨ੍ਹਾਂ ਦੀ ਵੱਖਰੀ ਪਛਾਣ ਬਣੀ ਹੋਈ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਬਿਨਾਂ ਸਿਫਾਰਸ਼ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਿਆਂਦੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਤੱਕ ਮੁਫਤ ਬਿਜਲੀ ਦੇ ਕੇ ਵੱਡੀ ਆਰਥਿਕ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਓਪਨ ਜਿਮ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਬੁਨਿਆਦੀ ਸਹੂਲਤਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਕਿਸਾਨਾਂ ਲਈ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਵੱਧ ਤੋਂ ਵੱਧ ਖੇਤਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਡਾਂ ਅਤੇ ਪੇਂਡੂ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕੀਤੇ ਕੰਮਾਂ ਕਰਕੇ 2027 ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ’ਤੇ ਭਰੋਸਾ ਕਰਨਗੇ। ਇਸ ਮੌਕੇ ਸਰਦਾਰ ਹਰਭਜਨ ਸਿੰਘ/ਗਿਆਨ ਸਿੰਘ, ਨਿਰਮਲ ਸਿੰਘ, ਰਾਣਾ ਨਰਿੰਦਰ ਸਿੰਘ, ਸਰਪੰਚ ਬਲਵੀਰ ਸਿੰਘ, ਤਰਸੇਮ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਚੰਨਪ੍ਰੀਤ ਸਿੰਘ, ਕਮਲਜੀਤ ਜਰਮਨ, ਸੂਬੇਦਾਰ ਮੁਹਿੰਦਰ ਸਿੰਘ, ਹਰਪ੍ਰੀਤ ਬਾਬਾ, ਕੈਪਟਨ ਬਲਿਹਾਰ ਸਿੰਘ, ਭਵਨੂਰ ਸਿੰਘ, ਮੱਖਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।













Leave a Reply