ਨਵਾਂਸ਼ਹਿਰ 15 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ )
ਭਾਜਪਾ ਦੇ ਸੀਨੀਅਰ ਅਸ਼ੋਕ ਨਾਨੋਵਾਲ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਭੋਲੀ-ਭਾਲੀ ਜਨਤਾ ਨੂੰ ਲਗਾਤਾਰ ਲਾਰਿਆਂ ਵਿੱਚ ਰੱਖ ਕੇ ਆਪਣੇ ਅਗਲੇ ਵਿਧਾਨ ਸਭਾ ਚੋਣਾਂ ਦੀ ਜ਼ਮੀਨ ਤਿਆਰ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਕਈ ਵਾਰ ਇਸ ਰਕਮ ਨੂੰ 1100 ਰੁਪਏ ਵੀ ਦੱਸਿਆ ਗਿਆ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਲਗਾਤਾਰ ਇਹ ਵਾਅਦਾ ਕਰਦੇ ਰਹੇ, ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਹੋਰ ਵੀ ਕਈ ਵਾਅਦੇ ਜਨਤਾ ਨਾਲ ਕੀਤੇ ਗਏ, ਪਰ ਜ਼ਮੀਨੀ ਹਕੀਕਤ ਅੱਜ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਔਰਤਾਂ ਨਾਲ ਕੀਤਾ ਵਾਅਦਾ ਤਾਂ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਸੀ। ਨਾਨੋਵਾਲ ਨੇ ਕਿਹਾ ਕਿ ਸਰਕਾਰ ਨੇ ਆਪਣੇ ਆਖਰੀ ਬਜਟ ਵਿੱਚ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਸੀ ਕਿ 1 ਅਪ੍ਰੈਲ ਤੋਂ ਇਹ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ ਅਤੇ ਫਾਰਮ ਭਾਵੇਂ ਬਾਅਦ ਵਿੱਚ ਭਰੇ ਜਾਣ, ਪਰ 1 ਅਪ੍ਰੈਲ ਤੋਂ ਹੀ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਪ੍ਰੈਲ, ਮਈ, ਜੂਨ, ਜੁਲਾਈ, ਅਗਸਤ ਲੰਘ ਗਏ ਅਤੇ ਹੁਣ ਸਤੰਬਰ ਵੀ ਅੱਧਾ ਬੀਤ ਗਿਆ ਹੈ, ਯਾਨੀ ਛੇ ਮਹੀਨੇ ਬੀਤ ਚੁੱਕੇ ਹਨ, ਪਰ ਜਿਨ੍ਹਾਂ
ਔਰਤਾਂ ਨੂੰ ਭੁਗਤਾਨ ਮਿਲਿਆ ਹੈ, ਉਨ੍ਹਾਂ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ ਸਿਰਫ਼ ਤਿੰਨ ਮਹੀਨਿਆਂ ਦੇ 3000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 4500 ਰੁਪਏ ਹੀ ਮਿਲੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਨੇ 1 ਅਪ੍ਰੈਲ ਤੋਂ ਭੁਗਤਾਨ ਦੇਣ ਦਾ ਐਲਾਨ। ਕੀਤਾ ਸੀ ਤਾਂ ਛੇ ਮਹੀਨਿਆਂ ਦੀ ਰਕਮ ਅਜੇ ਤੱਕ ਕਿਉਂ ਨਹੀਂ ਦਿੱਤੀ ਗਈ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਹੁਣ ਕੁਝ ਮਹੀਨਿਆਂ ਬਾਅਦ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ ਅਤੇ ਸਰਕਾਰ ਉਸੇ ਦਾ ਬਹਾਨਾ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਇੰਤਜ਼ਾਰ ਕਰ ਰਹੀ ਹੈ। ਅਸ਼ੋਕ ਨਾਨੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਕਿਸੇ ਸਰਕਾਰ ਦੀਆਂ ਚੋਣੀ ਘੋਸ਼ਣਾਵਾਂ ਦੀ ਮੋਹਤਾਜ ਨਹੀਂ, ਸਗੋਂ ਉਨ੍ਹਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਚਾਰ ਸਾਲਾਂ ਦਾ ਹਿਸਾਬ ਪੰਜਾਬ ਦੀ ਜਨਤਾ ਨੂੰ ਦੇਣਾ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਕਿੰਨੇ ਵਾਅਦੇ ਪਰੇ ਕੀਤੇ ਗਏ ਅਤੇ ਕਿੰਨੇ ਸਿਰਫ਼ ਚੋਣੀ ਲਾਰੇ ਬਣ ਕੇ ਰਹਿ ਗਏ। ਅਸ਼ੋਕ ਨਾਨੋਵਾਲ ਨੇ ਸੀ.ਐਮ. ਭਗਵੰਤ ਮਾਨ ‘ਤੇ ਤੰਜ ਕੱਸਿਆ ਕਿ ਇਸ ਸਰਕਾਰ ਦੀ ਪਾਲਿਸੀ ਸ਼ੁਰੂ ਤੋਂ ਇਹੀ ਰਹੀ ਹੈ ਕਿ ਕੰਮ ਕਰਨਾ ਕੱਖਾਂ ਦਾ ਪਰ ਢਿੱਡੋਰਾ ਪੱਟਣਾ ਲੱਖਾਂ ਦਾ। ਪੰਜਾਬ ਦੇ ਲੋਕ ਇਹ ਸਭ ਕੁੱਝ ਦੇਖ ਰਹੇ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਅੱਜ ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਇਸ ਸਰਕਾਰ ਤੋਂ ਛੁਟਕਾਰਾ ਪਾਉਣ ਦਾ ਮਨ ਬਣਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬੀ ਜਨਤਾ ਬਹੁਤ ਸਮਝਦਾਰ ਹੈ ਅਤੇ ਇਸ ਵਾਰ ਚੋਣਾਂ ਵਿੱਚ ਪਿਛਲੇ ਚਾਰ ਸਾਲਾਂ ਦੇ ਤਜਰਬੇ ਦੇ ਆਧਾਰ ‘ਤੇ ਫੈਸਲਾ ਕਰੇਗੀ। ਭਾਜਪਾ ਆਗੂ ਨਾਨੋਵਾਲ ਨੇ ਭਰੋਸਾ ਜਤਾਇਆ ਕਿ ਆਉਣ ਵਾਲੀਆਂ2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਮੌਕਾ ਦੇਵੇਗੀ ਅਤੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰੇਗੀ।













Leave a Reply