Monday, March 31, 2025

ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ – ਅੰਕੁਰਜੀਤ ਸਿੰਘ

 

-ਕਿਹਾ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ
-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਐਨਕੋਰਡ’ ਕਮੇਟੀ ਦੀ ਹੋਈ ਮੀਟਿੰਗ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ)

ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ ‘ਐਨਕੋਰਡ’ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮੂਹ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ‘ਤੇ ਲਗਾਮ ਕੱਸਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਉਨ੍ਹਾਂ ਦਾ ਧਿਆਨ ਕੁਰੀਤੀਆਂ ਵੱਲ ਨਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ  ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗਾਂ ਕੀਤੀਆਂ ਜਾਣ, ਤਾਂ ਜੋ ਨਸ਼ੇ ਦੀ ਸਪਲਾਈ ਨਾ ਹੋਵੇ।

ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਲਗਾਮ ਕੱਸੀ ਗਈ ਹੈ ਅਤੇ ਹੌਟ ਸਪੌਟ ਇਲਾਕਿਆਂ ਵਿਚ ਵੱਡੀ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ‘ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਉਸ ਦੀ ਸੂਚਨਾ ਪੁਲਿਸ ਨੂੰ ਦੇਣ।  ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।  ਇਸ ਮੌਕੇ ਐਸ. ਪੀ ਡਾ. ਮੁਕੇਸ਼, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡੀ.ਐਸ.ਪੀ ਸੁਰਿੰਦਰ ਚਾਂਦ, ਡੀ.ਐਮ.ਸੀ ਡਾ. ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles