ਬੰਗਾ ਬਲਾਕ ਦੀਆਂ ਖੇਡਾਂ ਦੇ ਆਖਰੀ ਦਿਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ


ਨਵਾਂਸ਼ਹਿਰ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਗਏ

ਸ਼ਹੀਦ ਭਗਤ ਸਿੰਘ ਨਗਰ, 15 ਸਤੰਬਰ(ਜਤਿੰਦਰਪਾਲ ਸਿੰਘ ਕਲੇਰ )

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬੰਗਾ ਬਲਾਕ ਦੀਆਂ ਬਲਾਕ ਪੱਧਰੀ ਖੇਡਾਂ ਦੇ ਆਖਰੀ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਖਿਡਾਰੀਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਨਵਾਂਸ਼ਹਿਰ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਹੋਰ ਮਿਹਨਤ ਕਰਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।

ਇਸੇ ਤਰ੍ਹਾਂ ਬੰਗਾ ਬਲਾਕ ਵਿਖੇ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ, ਪੰਜਾਬ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਸਰਹਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਕਾਰਾਤਮਕ ਸੋਚ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ।

ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਬਿਹਤਰ ਮੌਕੇ ਮਿਲ ਰਹੇ ਹਨ।

ਇਸ ਤੋਂ ਇਲਾਵਾ ਭਾਈ ਸੰਗਤ ਸਿੰਘ ਕਾਲਜ ਵਿਖੇ ਕਾਲਜ ਦੀ ਪ੍ਰਿੰਸੀਪਲ ਇੰਦੂ ਰੱਤੀ ਨੇ ਖਿਡਾਰੀਆਂ ਨਾਲ ਸ਼ਿਰਕਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਖੇਡ ਮੁਕਾਬਲਿਆਂ ਦੇ ਸਫਲ ਅਤੇ ਸੁਚਾਰੂ ਆਯੋਜਨ ਲਈ ਪ੍ਰਬੰਧਕਾਂ, ਕੋਚਾਂ, ਰੈਫਰੀ ਸਾਹਿਬਾਨ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਖੇਡ ਵਿਭਾਗ ਦੇ ਅਧਿਕਾਰੀਆਂ, ਕੋਚਾਂ, ਰੈਫਰੀ ਸਾਹਿਬਾਨ ਅਤੇ ਹੋਰ ਸਹਿਯੋਗੀ ਸਟਾਫ ਵੱਲੋਂ ਨਿਭਾਈਆਂ ਗਈਆਂ ਜ਼ਿੰਮੇਵਾਰੀਆਂ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਨਿਸ਼ਠਾ ਨਾਲ ਨਿਭਾਉਂਦਿਆਂ ਖੇਡਾਂ ਨੂੰ ਸਫਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।

ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਬੰਗਾ ਬਲਾਕ ਦੀਆਂ ਖੇਡਾਂ ਦੇ ਆਖਰੀ ਦਿਨ ਖਿਡਾਰੀਆਂ, ਕੋਚਾਂ, ਰੈਫਰੀ ਸਾਹਿਬਾਨ ਅਤੇ ਪ੍ਰਬੰਧਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।


Leave a Reply

Your email address will not be published. Required fields are marked *