ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ


 ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ

ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ ) 

ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਦਰਖਾਸਤਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਵੀ ਮੌਜੂਦ ਸਨ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਪੰਜਾਬ ਟਰੇਡਰਜ਼ ਕਮਿਸ਼ਨ ਨੂੰ ਪੂਰੇ ਰਾਜ ਤੋਂ ਲਗਭਗ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਕਰੀਬ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਸ਼ਿਕਾਇਤਾਂ ਦਾ ਵੀ ਜਲਦ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਉਹ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਟਰੇਡਰਜ਼ ਕਮਿਸ਼ਨ ਦੀ ਕੋਈ ਵੀ ਸ਼ਿਕਾਇਤ ਲੰਬਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੇ ਵਪਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਦਾ ਸਕਾਰਾਤਮਕ ਨਤੀਜਾ ਹੈ।

ਅਨਿਲ ਠਾਕੁਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਟਰੇਡਰਜ਼ ਕਮਿਸ਼ਨ ਨੂੰ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਉਪਲਬਧ ਕਰਵਾਇਆ ਗਿਆ ਹੈ। ਇਸ ਫੰਡ ਵਿੱਚੋਂ ਹਰੇਕ ਜ਼ਿਲ੍ਹੇ ਨੂੰ 2-2 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਬਾਜ਼ਾਰਾਂ ਦੀ ਦਿੱਖ ਬਦਲੀ ਜਾ ਸਕੇ ਅਤੇ ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਟਰੇਡਰਜ਼ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਅਹਿਮ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਸਥਾਪਿਤ ਕਰਕੇ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਈ ਰੱਖਣ ਅਤੇ ਵਪਾਰੀਆਂ ਨੂੰ ਲੋੜੀਂਦਾ ਪ੍ਰਸ਼ਾਸਕੀ ਸਹਿਯੋਗ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕੀਤਾ ਜਾ ਰਿਹਾ ਹੈ। ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ‘ਤੇ ਪਹਿਲ ਦੇ ਆਧਾਰ ‘ਤੇ ਕਾਰਵਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ, ਐਸ.ਪੀ ਸਰਬਜੀਤ ਸਿੰਘ ਬਾਹੀਆ, ਡੀ.ਡੀ.ਪੀ.ਓ ਨਿਧੀ ਸਿਨਹਾ, ਅਮਿਤ ਨਾਗੀ ਸਟੇਟ ਸਕੱਤਰ ਟਰੇਡ ਵਿੰਗ ਪੰਜਾਬ, ਹਨੀ ਡਬ ਜ਼ਿਲ੍ਹਾ ਚੇਅਰਮੈਨ, ਜਸਵੀਰ ਘੁੰਮਣ ਚੇਅਰਪਰਸਨ ਬਲਾਚੌਰ, ਮੱਖਣ ਸਿੰਘ ਚੇਅਰਪਰਸਨ ਨਵਾਂਸ਼ਹਿਰ, ਇੰਦਰਜੀਤ ਮਾਨ ਚੇਅਰਪਰਸਨ ਬੰਗਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।


Leave a Reply

Your email address will not be published. Required fields are marked *