ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿਖੇ 


ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ‘ਤੇ ਅਧਾਰਿਤ ਵਿਸ਼ੇਸ਼ ਪੇਸ਼ਕਾਰੀ ਬਣੇਗੀ ਖਿੱਚ ਦਾ ਕੇਂਦਰ

ਸ਼ਹੀਦ ਭਗਤ ਸਿੰਘ ਨਗਰ, ( ਜਤਿੰਦਰ ਪਾਲ ਸਿੰਘ ਕਲੇਰ ) 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੀ ਆਈ.ਟੀ.ਆਈ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਪੇਸ਼ ਕਰੇਗਾ।

ਐਸ.ਡੀ.ਐਮ ਨਵਾਂਸ਼ਹਿਰ ਸ੍ਰੀਮਤੀ ਅਨਮਯੋਤ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ 23 ਸਤੰਬਰ ਨੂੰ ਸ਼ਾਮ ਦੇ ਸਮੇਂ ਆਯੋਜਿਤ ਕੀਤਾ ਜਾਵੇਗਾ। ਸ਼ੋਅ ਦੌਰਾਨ 500 ਡਰੋਨ ਇਕੱਠੇ ਅਸਮਾਨ ਵਿੱਚ ਉਡਾਣ ਭਰਦੇ ਹੋਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਾਨਵਤਾ, ਬਰਾਬਰਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਡਿਜੀਟਲ ਪੇਸ਼ਕਾਰੀ ਰਾਹੀਂ ਦਰਸਾਉਣਗੇ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ, ਉਸ ਤੋਂ ਬਾਅਦ ਡਰੋਨ ਸ਼ੋਅ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸ਼ਰਧਾਲੂਆਂ ਦੇ ਬੈਠਣ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ, ਤਾਂ ਜੋ ਲੋਕ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਵਿਸ਼ੇਸ਼ ਪੇਸ਼ਕਾਰੀ ਦਾ ਆਨੰਦ ਮਾਣ ਸਕਣ।

ਐਸ.ਡੀ.ਐਮ ਜੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 23 ਸਤੰਬਰ ਨੂੰ ਆਯੋਜਿਤ ਇਸ ਵਿਸ਼ੇਸ਼ ਡਰੋਨ ਸ਼ੋਅ ਵਿੱਚ ਸ਼ਾਮਿਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕਰਨ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਸਤੰਬਰ ਨੂੰ ਬੰਗਾ ਅਤੇ 25 ਸਤੰਬਰ ਨੂੰ ਬਲਾਚੌਰ ਵਿਖੇ ਵੀ ਕਰਵਾਏ ਜਾਣਗੇ। ਇਸ ਮੌਕੇ ਡੀ.ਐਸ.ਪੀ ਪੰਕਜ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।


Leave a Reply

Your email address will not be published. Required fields are marked *