ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ):
ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਜਬਰ-ਜਨਾਹ ਦੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਹੋਣ ਦੇ ਮਾਮਲੇ ਨੇ ਸਿੱਖ ਪੰਥਕ ਹਲਕਿਆਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਸੂਤਰਾਂ ਮੁਤਾਬਕ ਐਫਆਈਆਰ ਸਾਹਮਣੇ ਆਉਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਆਪਣੇ ਸਾਰੇ ਧਾਰਮਿਕ ਅਤੇ ਜਥੇਬੰਦਕ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ, ਜਦਕਿ ਐਸਜੀਪੀਸੀ ਵੱਲੋਂ ਅਜੇ ਤੱਕ ਇਸ ਮਾਮਲੇ ’ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਇਸ ਘਟਨਾ ’ਤੇ ਸਖਤ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਇੰਚਾਰਜ ਸੇਠੀ ਸਰਪੰਚ ਥੋਪੀਆ, ਸਟੇਟ ਡੈਲੀਗੇਟ ਜਥੇਦਾਰ ਸੁਰਜੀਤ ਸਿੰਘ ਦੋਬਾਲੀ, ਰਘਬੀਰ ਸਿੰਘ, ਬਲਬੀਰ ਸਿੰਘ ਅਤੇ ਸਰਬਜੀਤ ਸਿੰਘ ਨੇ ਅੱਜ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਐਸਜੀਪੀਸੀ ਵਰਗੀ ਸਰਵਉੱਚ ਧਾਰਮਿਕ ਸੰਸਥਾ ਦੇ ਮੈਂਬਰਾਂ ’ਤੇ ਅਜਿਹੇ ਘਿਨਾਉਣੇ ਦੋਸ਼ ਲੱਗਣਗੇ ਤਾਂ ਇਹ ਸਮੁੱਚੇ ਸਿੱਖ ਪੰਥ ਲਈ ਸ਼ਰਮਨਾਕ ਹੈ ਅਤੇ ਅਜਿਹੇ ਵਿਅਕਤੀਆਂ ਦਾ ਪੰਥਕ ਸੰਸਥਾਵਾਂ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਸਤੀਫਾ ਦੇਣਾ ਕਾਫੀ ਨਹੀਂ, ਪੁਲਿਸ ਨੂੰ ਨਿਰਪੱਖ ਜਾਂਚ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਦੋਸ਼ੀ ਪਾਏ ਜਾਣ ’ਤੇ ਬਣਦੀ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਆਗੂਆਂ ਨੇ ਇਸ ਮੌਕੇ ਕੇਂਦਰ ਸਰਕਾਰ ਪਾਸੋਂ ਜ਼ੋਰਦਾਰ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਹਨ, ਤੁਰੰਤ ਕਰਵਾਈਆਂ ਜਾਣ ਤਾਂ ਜੋ ਪੰਥਕ ਸੰਸਥਾਵਾਂ ਨੂੰ ਲੋਕਤੰਤਰਿਕ ਢੰਗ ਨਾਲ ਚੁਣੇ ਹੋਏ ਸਾਫ-ਸੁਥਰੀ ਸਾਖ ਵਾਲੇ ਨੁਮਾਇੰਦੇ ਮਿਲ ਸਕਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।













Leave a Reply