ਨਵਾਂਸ਼ਹਿਰ 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) –
ਅਜੇ ਲੁਧਿਆਣਾ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਨਾਲ ਹੋਈ ਛੇੜਛਾੜ ਦਾ ਮਾਮਲਾ ਠੰਢਾ ਨਹੀਂ ਹੋਇਆ ਸੀ ਕਿ ਕੁਝ ਦਿਨਾਂ ਬਾਅਦ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਵੀ ਬਾਬਾ ਸਾਹਿਬ ਦੇ ਸਟੈਚੂ ਨਾਲ ਮਾੜੀ ਨੀਅਤ ਨਾਲ ਤੋੜ-ਭੰਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ਦੇ ਸੀਨੀਅਰ ਆਗੂ ਡਾਕਟਰ ਰਜਿੰਦਰ ਸਿੰਘ ਲੱਕੀ ਚਾਹਲ ਨੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਟੈਚੂ ਨੂੰ ਨੁਕਸਾਨ ਪਹੁੰਚਾਉਣ ਨਾਲ ਭਾਰਤ ਦਾ ਸੰਵਿਧਾਨ ਨਹੀਂ ਬਦਲ ਸਕਦਾ। ਬਾਬਾ ਸਾਹਿਬ ਵੱਲੋਂ ਰਚਿਆ ਗਿਆ। ਸੰਵਿਧਾਨ ਅੱਜ ਵੀ ਦੇਸ਼ ਦੀ ਲੋਕਤੰਤਰਿਕ ਵਿਵਸਥਾ ਦਾ ਆਧਾਰ ਹੈ ਅਤੇ ਇਸ ਵਿੱਚ ਹਰ ਵਰਗ ਨੂੰ ਬਰਾਬਰੀ, ਸਮਾਜਿਕ ਨਿਆਂ ਅਤੇ ਸਮਾਨ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ। ਡਾਕਟਰ ਲੱਕੀ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਸਟੇਚੂਆਂ ਨਾਲ ਛੇੜਛਾੜ ਕਰਕੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੱਸਿਆ ਕਿ
ਬਾੜੀਆਂ ਕਲਾਂ ਵਿਖੇ ਸਕੂਲ ਦੇ ਬਾਹਰ ਸਥਾਪਿਤ ਬਾਬਾ ਸਾਹਿਬ ਦੇ ਸਟੈਚੂ ਨਾਲ ਤੋੜ-ਭੰਨ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਸਟੈਚੂ ਦੀ ਉਂਗਲ, ਐਨਕ ਅਤੇ ਕੰਨ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਆਸ-ਪਾਸ ਪੱਥਰ ਵੀ ਖਿੱਲਰੇ ਹੋਏ ਮਿਲੇ ਹਨ। ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰੋਸ ਭਾਰੀ ਰੋਸ ਪਾਇਆ ਜਾ ਰਿਹਾ ਹੈ। ਡਾਕਟਰ ਲੱਕੀ ਨੇ ਕਿਹਾ ਕਿ ਜੇਕਰ ਇਸ ਘਟਨਾ ਪਿੱਛੇ ਕਿਸੇ ਵਿਅਕਤੀ ਜਾਂ ਜਥੇਬੰਦੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧਾਰਮਿਕ, ਸਮਾਜਿਕ
ਜਾਂ ਸੰਵਿਧਾਨਕ ਮਹੱਤਤਾ ਵਾਲੀਆਂ ਸ਼ਖ਼ਸੀਅਤਾਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।
ਡਾਕਟਰ ਲੱਕੀ ਨੇ ਬਾਬਾ ਸਾਹਿਬ ਨੂੰ ਮੰਨਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਇਸ ਘਟਨਾ ਦਾ ਵਿਰੋਧ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ ‘ਤੇ ਸਜ਼ਾ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਬਾਹਰ ਬੈਠ ਕੇ ਕਿਸੇ ਵੀ ਤਰ੍ਹਾਂ ਦੀ ਜ਼ਿੰਮੇਵਾਰੀ ਲੈਣ ਵਾਲੇ ਵਿਅਕਤੀਆਂ ਦੇ ਦਾਅਵਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।













Leave a Reply