ਝੋਨੇ ਦੀ ਪਰਾਲੀ ਸਾੜਨ ‘ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ ‘ਤੇ ਵੀ ਰੋਕ


– ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ 1 ਅਕਤੂਬਰ ਤੋਂ 15 ਨਵੰਬਰ ਤੱਕ ਲਈ ਜਾਰੀ ਕੀਤੇ ਹੁਕਮ

ਸ਼ਹੀਦ ਭਗਤ ਸਿੰਘ ਨਗਰ, 23 ਸਤੰਬਰ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ, ਨਾੜ ਅਤੇ ਹੋਰ ਫਸਲੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਅਕਤੂਬਰ ਤੋਂ 15 ਨਵੰਬਰ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਦੇ ਨਾਲ-ਨਾਲ ਜੀਵ-ਜੰਤੂਆਂ, ਆਲੇ-ਦੁਆਲੇ ਖੜ੍ਹੀਆਂ ਫਸਲਾਂ ਅਤੇ ਸੜਕਾਂ ਕਿਨਾਰੇ ਲੱਗੇ ਦਰੱਖਤਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਰਹਿੰਦਾ ਹੈ। ਇਸ ਨਾਲ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਦੌਰਾਨ ਕੰਬਾਈਨ ਮਸ਼ੀਨਾਂ ‘ਤੇ ਸੁਪਰ ਐਸ.ਐਮ.ਐਸ. ਸਿਸਟਮ ਚਾਲੂ ਹਾਲਤ ਵਿੱਚ ਰੱਖਣਾ ਲਾਜ਼ਮੀ ਕੀਤਾ ਹੈ। ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨ ਮਸ਼ੀਨ ਚਲਾਉਣ ‘ਤੇ ਪੂਰਨ ਪਾਬੰਦੀ ਰਹੇਗੀ।

ਇਸ ਦੇ ਨਾਲ ਹੀ ਜ਼ਿਲ੍ਹੇ ਦੀ ਹੱਦ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ‘ਤੇ ਰੋਕ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਤ ਸਮੇਂ ਕਟਾਈ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਦੀ ਵਿਕਰੀ ਦੌਰਾਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।


Leave a Reply

Your email address will not be published. Required fields are marked *