ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ, ਨਵਾਂਸ਼ਹਿਰ ਦੀ ਸਰਕਾਰੀ ਆਈ.ਟੀ.ਆਈ. ਗਰਾਊਂਡ ਤੋਂ 500 ਡਰੋਨਾਂ ਨੇ ਅਸਮਾਨ ਨੂੰ ਕੀਤਾ ਰੌਸ਼ਨ


  • ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ ਅਤੇ ਦਰਸ਼ਨ ਦੀ ਸ਼ਾਨਦਾਰ ਪੇਸ਼ਕਾਰੀ*
  • ਸੂਬਾ ਭਰ ਵਿੱਚ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ, ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦੀ ਰਾਸ਼ੀ ਰੱਖੀ : ਜਸਪ੍ਰੀਤ ਸਿੰਘ ਰੌਬੀ ਕੰਗ*
  • ਗੁਰੂ ਜੀ ਦੀਆਂ ਸਿੱਖਿਆਵਾਂ ਬਰਾਬਰਤਾ ਅਤੇ ਮਾਨਵਤਾ ਦਾ ਸੱਚਾ ਮਾਰਗ ਦਿਖਾਉਂਦੀਆਂ ਹਨ : ਸਤਨਾਮ ਸਿੰਘ ਜਲਵਾਹਾ*

ਸ਼ਹੀਦ ਭਗਤ ਸਿੰਘ ਨਗਰ, 23 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅ ਦੀ ਲੜੀ ਤਹਿਤ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ. ਗਰਾਊਂਡ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ 500 ਡਰੋਨਾਂ ਰਾਹੀਂ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਦਰਸ਼ਨ ਦੀ ਬੇਹੱਦ ਖੂਬਸੂਰਤ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਵੇਖਿਆ।

ਆਈ.ਟੀ.ਆਈ. ਗਰਾਊਂਡ ਵਿਖੇ ਹੋਏ ਸ਼ਾਨਦਾਰ ਡਰੋਨ ਸ਼ੋਅ ਨੇ ਅਸਮਾਨ ਨੂੰ ਰੌਸ਼ਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਨੂੰ ਡਿਜੀਟਲ ਤਕਨੀਕ ਰਾਹੀਂ ਪੇਸ਼ ਕੀਤਾ। ਇਸ ਵਿਲੱਖਣ ਏਰੀਅਲ ਸ਼ੋਅ ਰਾਹੀਂ ਗੁਰੂ ਜੀ ਦੇ ਬਰਾਬਰਤਾ, ਭਾਈਚਾਰੇ, ਦਇਆ, ਸਮਾਜਿਕ ਨਿਆਂ ਅਤੇ ਮਾਨਵੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਮਨਮੋਹਕ ਢੰਗ ਨਾਲ ਦਰਸਾਇਆ ਗਿਆ। ਇਸ ਵਿੱਚ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਘਟਨਾਵਾਂ, ਸਾਖੀਆਂ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਸਮੇਤ ਨਿਆਂਇਕ, ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਸੰਗਤ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਸੂਬਾ ਭਰ ਵਿੱਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਤਾਰ ਡਰੋਨ ਸ਼ੋਅ, ਡਾਕੂਮੈਂਟਰੀ, ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਗੁਰੂ ਜੀ ਦੇ ਜੀਵਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਵਿਲੱਖਣ ਯਤਨ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡਰੋਨ ਸ਼ੋਅ ਨਹੀਂ, ਸਗੋਂ ਨਵੀਂ ਪੀੜ੍ਹੀ ਲਈ ਗੁਰੂ ਜੀ ਦੇ ਬਰਾਬਰਤਾ ਅਤੇ ਮਾਨਵੀ ਸਨਮਾਨ ਦੇ ਸੰਦੇਸ਼ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਹੈ, ਜਿਸ ਨਾਲ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਮਿਲਦੀ ਹੈ।

ਰੌਬੀ ਕੰਗ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਿਸ ਰਾਹੀਂ ਗੁਰੂ ਜੀ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਨਾਲ ਮਨਾਉਣ ਦਾ ਮੌਕਾ ਮਿਲ ਰਿਹਾ ਹੈ, ਜਿਸ ਤਹਿਤ ਸੈਮੀਨਾਰ, ਡਾਕੂਮੈਂਟਰੀ ਸ਼ੋਅ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਨਾਲ ਮਨਾਉਂਦਿਆਂ ਆਧੁਨਿਕ ਮਾਧਿਅਮਾਂ ਰਾਹੀਂ ਗੁਰੂ ਜੀ ਦੇ ਸਰਬ-ਸਾਂਝੇ ਦਰਸ਼ਨ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਤਹਿਤ ਸੂਬੇ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਇਨਕਲਾਬੀ ਦਰਸ਼ਨ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਜੋ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਢੁਕਵੀਆਂ ਹਨ।

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਇਸ ਇਤਿਹਾਸਕ ਪੁਰਬ ਨੂੰ ਪੂਰੀ ਸ਼ਰਧਾ ਅਤੇ ਏਕਤਾ ਨਾਲ ਮਨਾਉਂਦਿਆਂ ਗੁਰੂ ਜੀ ਦੇ ਮਹਾਨ ਸੰਦੇਸ਼ ਨੂੰ ਅੱਗੇ ਵਧਾਇਆ ਜਾਵੇ।

ਇਸ ਮੌਕੇ ਐਸ.ਡੀ.ਐਮ. ਅਮਨਜੋਤ ਕੌਰ, ਸਹਾਇਕ ਕਮਿਸ਼ਨਰ ਰਮਨਜੀਤ, ਤਹਿਸੀਲਦਾਰ ਗੁਰਮੁਖ ਸਿੰਘ, ਲਲਿਤ ਮੋਹਨ ਪਾਠਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਡਰੋਨ ਸ਼ੋਅ ਦੌਰਾਨ ਰਾਗੀ ਭਾਈ ਡਾ. ਹਰਮਿੰਦਰ ਸਿੰਘ ਖੈਰਾ ਢਾਡੀ ਜੱਥੇ ਨੇ ਗੁਰਬਾਣੀ ਦੇ ਸ਼ਬਦਾਂ ਅਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।


Leave a Reply

Your email address will not be published. Required fields are marked *