ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਟਾਂਡਾ ਉੜਮੁੜ ਪੁੱਜੇ ਬ੍ਰਿਗੇਡੀਅਰ ਰਾਜ ਕੁਮਾਰ, ਵਿਧਾਇਕ ਰਾਜਾ ਗਿੱਲ ਨਾਲ ਕੀਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਚਰਚਾ


ਬਲਾਚੌਰ, 26 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) :

ਹਲਕਾ ਟਾਂਡਾ ਉੜਮੁੜ ਵਿਖੇ ਮੁਸਲਿਮ ਗੁੱਜਰ ਭਾਈਚਾਰੇ ਦੇ ਸੱਦੇ ਤੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਵੱਲੋਂ ਇਲਾਕੇ ਦੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਨਾਲ ਸਬੰਧਤ ਅਹੁਦੇਦਾਰਾਂ ਅਤੇ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਗੁੱਜਰ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਬੰਧਤ ਪੱਧਰ ਤੇ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।

ਇਸ ਦੌਰਾਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਸਰਦਾਰ ਜਸਵੀਰ ਸਿੰਘ ਰਾਜਾ ਗਿੱਲ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁੱਜਰ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਹਲਕੇ ਨਾਲ ਸਬੰਧਤ ਹੋਰ ਮੁੱਦਿਆਂ ਤੇ ਵੀ ਵਿਚਾਰ-ਚਰਚਾ ਹੋਈ।

ਬ੍ਰਿਗੇਡੀਅਰ ਰਾਜ ਕੁਮਾਰ ਅਤੇ ਹਾਜ਼ਰ ਅਹੁਦੇਦਾਰਾਂ ਵੱਲੋਂ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਭਲਾਈ ਲਈ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਇਸ ਮੌਕੇ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਸਨਮਾਨਿਤ ਵੀ ਕੀਤਾ ਗਿਆ।


Leave a Reply

Your email address will not be published. Required fields are marked *