ਪਿੰਡ ਜੱਟ ਮਾਜਰੀ (ਰੱਤੇਵਾਲ) ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਮੜਿਆ ਜਨ ਸੈਲਾਬ, ਬ੍ਰਿਗੇਡੀਅਰ ਰਾਜ ਕੁਮਾਰ ਦਾ ਭਰਵਾਂ ਸਵਾਗਤ


ਬ੍ਰਿਗੇਡੀਅਰ ਰਾਜ ਕੁਮਾਰ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਕੀਤਾ ਤਹਿ ਦਿਲੋਂ ਧੰਨਵਾਦ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਗਿਣਾਈਆਂ

ਨਵਾਂਸ਼ਹਿਰ /ਕਾਠਗੜ੍ਹ, (ਜਤਿੰਦਰਪਾਲ ਸਿੰਘ ਕਲੇਰ)

: ਹਲਕੇ ਬਲਾਚੌਰ ਦੇ ਪਿੰਡ ਜੱਟ ਮਾਜਰੀ (ਰੱਤੇਵਾਲ) ਵਿਖੇ ਇੱਕ ਪ੍ਰਭਾਵਸ਼ਾਲੀ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਪਿੰਡ ਵਿੱਚ ਤਿਉਹਾਰ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਸੀ ਕਿ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਨਾਲ ਕਿੰਨਾ ਜੁੜੇ ਹੋਏ ਹਨ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਬ੍ਰਿਗੇਡੀਅਰ ਰਾਜ ਕੁਮਾਰ ਜੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਇੱਥੇ ਆ ਕੇ ਬਹੁਤ ਹੀ ਅੱਛੇ-ਅੱਛੇ ਵੀਰਾਂ-ਭੈਣਾਂ, ਬਜ਼ੁਰਗਾਂ ਅਤੇ ਨੌਜਵਾਨ ਸਾਥੀਆਂ ਨੂੰ ਮਿਲਣ ਦਾ ਸੁਭਾਗਾ ਮੌਕਾ ਮਿਲਿਆ ਹੈ, ਜਿਸ ਲਈ ਮੈਂ ਸਾਰਿਆਂ ਦਾ ਰਿਣੀ ਹਾਂ।

ਆਪਣੇ ਸੰਬੋਧਨ ਵਿੱਚ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇੰਨਾ ਮਾਣ-ਸਤਿਕਾਰ ਅਤੇ ਪਿਆਰ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਦੀ ਏਕਤਾ ਅਤੇ ਭਾਈਚਾਰਕ ਸਾਂਝ ਹੀ ਪਿੰਡ ਦੇ ਵਿਕਾਸ ਦੀ ਨੀਂਹ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਇਤਿਹਾਸਕ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਬਿਜਲੀ-ਪਾਣੀ, ਖੇਤੀਬਾੜੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਜੋ ਕਦਮ ਚੁੱਕੇ ਗਏ ਹਨ, ਉਹ ਪਹਿਲਾਂ ਕਦੇ ਨਹੀਂ ਚੁੱਕੇ ਗਏ।

ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਬੜੇ ਧਿਆਨ ਨਾਲ ਸੁਣੀਆਂ ਅਤੇ ਮੌਕੇ ‘ਤੇ ਹੀ ਕਈ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਦੁੱਖ-ਸੁੱਖ ਦਾ ਸਾਥੀ ਬਣ ਕੇ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਰਹਾਂਗਾ।

ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਨੰਬਰਦਾਰ, ਬਲਾਕ ਕਮੇਟੀ ਮੈਂਬਰਾਂ, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਸਮੇਤ ਵੱਡੀ ਗਿਣਤੀ ਵਿੱਚ ਮਾਤਾਵਾਂ-ਭੈਣਾਂ, ਬਜ਼ੁਰਗ ਅਤੇ ਨੌਜਵਾਨ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਸੀ।


Leave a Reply

Your email address will not be published. Required fields are marked *