– ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
– ਸਿਵਲ ਸਰਜਨ ਵੱਲੋਂ ਪੀ.ਐੱਚ.ਸੀ. ਸੁੱਜੋਂ ਵਿਖੇ ਸਿਹਤ ਸੇਵਾਵਾਂ ਅਤੇ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
ਨਵਾਂਸ਼ਹਿਰ, 3 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਅਮਨ ਸੂਦ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਢਲਾ ਸਿਹਤ ਕੇਂਦਰ (ਪੀ.ਐੱਚ.ਸੀ.), ਸੁੱਜੋਂ ਅਤੇ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਸਿਵਲ ਸਰਜਨ ਡਾ. ਅਮਨ ਸੂਦ ਨੇ ਪੀ.ਐੱਚ.ਸੀ. ਸੁੱਜੋਂ ਵਿਖੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਉਪਰੰਤ ਉਨ੍ਹਾਂ ਨੇ ਪਿੰਡ ਭੌਰਾ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਚਾਲੂ ਹੋਣ ਨਾਲ ਪਿੰਡ ਭੌਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਉਪਲੱਬਧ ਹੋਣਗੀਆਂ।


ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੇ ਜੱਦੀ ਪਿੰਡ ਭੌਰਾ ਵਿਖੇ ਸਥਿਤ ਆਪਣਾ ਘਰ ਪੰਜਾਬ ਸਰਕਾਰ ਨੂੰ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਦਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਪਿੰਡ ਭੌਰਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਸਿਵਲ ਸਰਜਨ ਡਾ. ਅਮਨ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਤਰਜੀਹ ਦਿੰਦਿਆਂ ਲੋਕਾਂ ਨੂੰ ਬਿਹਤਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਰਾਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।













Leave a Reply