ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀਏਪੀ ਖਾਦ ਦੀ ਮੰਗ ਕੀਤੀ, ਕਿਹਾ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ


ਬਲਾਚੌਰ, 2 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ  ਕਿਸਾਨ ਸੈੱਲ ਵਿੰਗ ਬਲਾਚੌਰ ਦੇ ਪ੍ਰਧਾਨ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀਏਪੀ ਖਾਦ ਦੀ ਤੁਰੰਤ ਵਿਵਸਥਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਅਤੇ ਹੋਰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਦਾ ਸਮਾਂ ਆ ਚੁੱਕਾ ਹੈ ਪਰ ਮਾਰਕੀਟ ਵਿੱਚ ਡੀਏਪੀ ਖਾਦ ਦੀ ਬੜੀ ਕਿੱਲਤ ਚੱਲ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਕਿਹਾ ਕਿ ਕਿਸਾਨ ਸਵੇਰ ਤੋਂ ਸ਼ਾਮ ਤੱਕ ਸਹਿਕਾਰੀ ਸਭਾਵਾਂ ਅਤੇ ਖਾਦ ਡੀਲਰਾਂ ਦੀਆਂ ਦੁਕਾਨਾਂ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਨੂੰ ਖਾਦ ਨਹੀਂ ਮਿਲ ਰਹੀ। ਜੇਕਰ ਕਿਤੇ ਖਾਦ ਮਿਲ ਵੀ ਰਹੀ ਹੈ ਤਾਂ ਬਹੁਤ ਘੱਟ ਮਾਤਰਾ ਵਿੱਚ ਮਿਲ ਰਹੀ ਹੈ ਜੋ ਕਿਸਾਨਾਂ ਦੀ ਲੋੜ ਨੂੰ ਪੂਰਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਫਸਲ ਦੀ ਬਿਜਾਈ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਤੋਂ ਬਿਨਾਂ ਫਸਲ ਦਾ ਝਾੜ ਘੱਟ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕੁਦਰਤੀ ਆਫਤਾਂ ਅਤੇ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਖਾਦ ਦੀ ਕਿੱਲਤ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਕਿਸਾਨਾਂ ਨੂੰ ਸਮੇਂ ਸਿਰ ਖਾਦ ਮੁਹੱਈਆ ਕਰਵਾਈ ਜਾਵੇਗੀ ਪਰ ਜ਼ਮੀਨੀ ਪੱਧਰ ‘ਤੇ ਸਥਿਤੀ ਕੁਝ ਹੋਰ ਹੀ ਹੈ। ਕਿਸਾਨਾਂ ਨੂੰ ਬਲੈਕ ਵਿੱਚ ਮਹਿੰਗੇ ਭਾਅ ‘ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਪਿੰਡ ਨਿੱਘੀ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨਾਂ ਲਈ ਤੁਰੰਤ ਡੀਏਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਹਿਕਾਰੀ ਸਭਾਵਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਭੇਜੇ ਤਾਂ ਜੋ ਹਰ ਕਿਸਾਨ ਨੂੰ ਸਮੇਂ ਸਿਰ ਖਾਦ ਮਿਲ ਸਕੇ ਅਤੇ ਉਹ ਆਪਣੀ ਫਸਲ ਦੀ ਬਿਜਾਈ ਸਮੇਂ ਸਿਰ ਕਰ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਖਾਦ ਦੀ ਸਪਲਾਈ ਨਾ ਕੀਤੀ ਗਈ ਤਾਂ ਕਿਸਾਨਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ।


Leave a Reply

Your email address will not be published. Required fields are marked *