ਨਵਾਂਸ਼ਹਿਰ, 3 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੁਸ਼ਾਰ ਗੁਪਤਾ ਆਈ.ਪੀ.ਐਸ. ਨੇ ਪ੍ਰੈੱਸ ਨੂੰ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਰੋਜ਼ਾਨਾ ਆਧਾਰ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ ‘ਤੇ ਰੇਡ ਕਰਕੇ 4 ਦੋਸ਼ੀਆਂ ਨੂੰ ਕਾਬੂ ਕੀਤਾ ਹੈ।
ਪੁਲਿਸ ਵੱਲੋਂ ਫੜੇ ਗਏ ਦੋਸ਼ੀਆਂ ਪਾਸੋਂ 70 ਨਸ਼ੀਲੀਆਂ ਗੋਲੀਆਂ ਅਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਾਰੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਲੋਕਲ ਪੁਲਿਸ ਨੂੰ ਤੁਰੰਤ ਇਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸਬੰਧੀ ਦਾਖਲ ਕਰਵਾਉਣ ਵਿੱਚ ਪੁਲਿਸ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।
ਉਨ੍ਹਾਂ ਅੰਤ ਵਿੱਚ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।













Leave a Reply