ਕਰਨਲ ਬਾਠ ਮਾਮਲੇ ‘ਚ ਐਕਸ਼ਨ ਦੀ ਤਿਆਰੀ ਹੈ। ਕਰਨਲ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ SIT ਨੇ ਤੇਜ਼ ਕਰ ਦਿਤੀ ਹੈ। ਜਾਣਕਾਰੀ ਅਨੁਸਾਰ SIT ਦੇ ਮੈਂਬਰ ਅੱਜ ਪਟਿਆਲਾ ਪਹੁੰਚੇ। ਜਿੱਥੇ ਉਨ੍ਹਾਂ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਇਸ ਮਾਮਲੇ ਦੀ ਜਾਂਚ ’ਚ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ ਲਿਆ ਜਾ ਰਿਹਾ ਹੈ, ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਕੋਈ ਵੱਡਾ ਐਕਸ਼ਨ ਲਿਆ ਜਾ ਸਕਦਾ ਹੈ।
ਦੂਜੇ ਪਾਸੇ ਕਰਨਲ ਬਾਠ ਦੇ ਪਰਿਵਾਰ ਦੀ ਮੁਲਾਕਾਤ CM ਮਾਨ ਨਾਲ ਜਾਰੀ ਹੈ। ਮੁਲਾਕਾਤ ਤੋਂ ਪਹਿਲਾਂ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਸਾਨੂੰ ਇਨਸਾਫ ਦੇਣਗੇ ਤੇ ਅੱਜ ਹੀ ਕੋਈ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਘਟਨਾ ਨੂੰ ਵਾਪਰੇ 17-18 ਦਿਨ ਹੋ ਚੁੱਕੇ ਹਨ ਤੇ ਮੈਂ ਬਹੁਤ ਥਾਂ-ਥਾਂ ਜਾ ਕੇ ਧੱਕੇ ਖਾਧੇ ਹਨ ਤੇ ਸਾਡੀ ਮੰਗ ਹੈ ਕਿ ਕੇਸ ਦੀ ਸੀਬੀਆਈ ਜਾਂਚ ਕੀਤੀ ਜਾਵੇ ਤੇ ਮੈਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਪੰਜਾਬ ਦੀ ਧੀ ਨੂੰ ਇਨਸਾਫ ਮਿਲੇਗਾ।
ਅੱਜ ਪੀੜਤ ਕਰਨਲ ਪਰਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪੁੱਜਾ ਜਿਥੇ ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਨਿਆਂ ਲਈ ਮੁੱਖ ਮੰਤਰੀ ਤੋਂ ਮੰਗ ਕੀਤੀ। ਇਸ ਦੌਰਾਨ ਐਸ.ਆਈ.ਟੀ. ਵਲੋਂ ਇਸ ਮਾਮਲੇ ਸਬੰਧੀ ਪਟਿਆਲਾ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਅਧਿਕਾਰੀਆਂ ਨੇ ਲੋਕਾਂ ਨੂੰ ਜਾਣਕਾਰੀ ਸਾਂਝੀ ਕਰ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇ ਕਿਸੇ ਕੋਲ ਕੋਈ ਵੀ ਜਾਣਕਾਰੀ ਜਾਂ ਸਬੂਤ ਹਨ ਤਾਂ ਉਹ ਸਾਡੇ ਨਾਲ ਸਾਂਝੇ ਕਰ ਸਕਦੇ ਹਨ। ਉਨ੍ਹਾਂ ਜਾਣਕਾਰੀ ਸਾਂਝੀ ਕਰਨ ਲਈ ਇਕ ਨੰਬਰ 75083-00342 ਵੀ ਜਾਰੀ ਕੀਤਾ ਹੈ।
ਪ੍ਰੈੱਸ ਕਾਨਫ਼ਰੰਸ ਦੌਰਾਨ SIT ਦੇ ਮੈਂਬਰਾਂ ਨੇ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਤਕ ਪਹੁੰਚਣਾ ਬੇਹੱਦ ਜ਼ਰੂਰੀ ਹੈ ਤੇ ਅਸੀਂ ਮਾਮਲੇ ਦੀ ਡੂੰਘਾਈ ਤੱਕ ਜਾ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ। ਉਨ੍ਹਾਂ ਦਸਿਆ ਕਿ ਉਹ 2 ਅਪ੍ਰੈਲ ਨੂੰ ਮੁੜ ਪਟਿਆਲਾ ਆਉਣਗੇ।
ਜ਼ਿਕਰਯੋਗ ਹੈ ਕਿ ਪਟਿਆਲਾ ’ਚ ਪੁਲਿਸ ਵਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਰਨਲ ਬਾਠ ਦੇ ਪਰਿਵਾਰ ਵੱਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਉਨ੍ਹਾਂ ਵੀ ਇਨਸਾਫ ਦਾ ਪੂਰਾ ਭਰੋਸਾ ਦਿਵਾਇਆ ਹੈ।