ਬਲਾਚੌਰ , 5 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ) – ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਏ ਜਾ ਰਹੇ ਵਾਲੀਬਾਲ ਟੂਰਨਾਮੈਂਟ ‘ਆਰੰਭ’ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਪਹੁੰਚਣ ‘ਤੇ ਕਲੱਬ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਤਨਾਮ ਜਲਾਲਪੁਰ ਨੇ ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਖੇਡ ਉਪਰਾਲੇ ਲਈ ਸਮੂਹ ਕਲੱਬ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਸਾਡੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦੇ ਹਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਪਿੰਡ ਪੱਧਰ ‘ਤੇ ਅਜਿਹੇ ਉਪਰਾਲੇ ਸਰਕਾਰ ਦੀ ਸੋਚ ਨੂੰ ਹੋਰ ਮਜ਼ਬੂਤ ਕਰਦੇ ਹਨ।
ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਹਾਰ-ਜਿੱਤ ਖੇਡ ਦਾ ਹਿੱਸਾ ਹੈ, ਅਸਲ ਜਿੱਤ ਖੇਡ ਭਾਵਨਾ ਨਾਲ ਖੇਡਣ ਵਿੱਚ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਪਿੰਡ ਬਾਗੋਵਾਲ ਦੀ ਧਰਤੀ ਨੇ ਹਮੇਸ਼ਾ ਹੀ ਖੇਡਾਂ ਨੂੰ ਪਿਆਰ ਕੀਤਾ ਹੈ ਅਤੇ ਇੱਥੋਂ ਦੇ ਨੌਜਵਾਨਾਂ ਵਿੱਚ ਵੱਡੀ ਪ੍ਰਤਿਭਾ ਹੈ।
ਇਸ ਮੌਕੇ ਕਲੱਬ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਸਤਨਾਮ ਜਲਾਲਪੁਰ ਦਾ ਸਨਮਾਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਪਿੰਡ ਵਾਸੀ ਹਾਜ਼ਰ ਸਨ।













Leave a Reply