ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ


– ਨਵਾਂਸ਼ਹਿਰ ਵਿੱਚ ਸਿਹਤ ਟੀਮ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ
– ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ

ਨਵਾਂਸ਼ਹਿਰ, 5 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਅਮਨ ਸੂਦ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ ਵਿੱਚ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਨਗਰ, ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦਾ ਸਰਵੇਖਣ ਕਰਕੇ ਡੇਂਗੂ ਦੇ ਲਾਰਵੇ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਇਨ੍ਹਾਂ ਵਿੱਚ ਖੜ੍ਹਾ ਪਾਣੀ ਤੁਰੰਤ ਖਾਲੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ ਰਾਕੇਸ਼ ਪਾਲ ਨੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਖਤਮ ਕਰਨਾ ਹੈ।

ਇਸ ਮੌਕੇ ਡਾ ਰਾਕੇਸ਼ ਪਾਲ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ। ਕੂਲਰਾਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ “ਹਰ ਸ਼ੁੱਕਰਵਾਰ—ਡੇਂਗੂ ’ਤੇ ਵਾਰ” ਦੇ ਸੰਦੇਸ਼ ਨੂੰ ਅਪਣਾਉਂਦਿਆਂ ਹਫ਼ਤੇ ਵਿੱਚ ਇੱਕ ਦਿਨ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ ਅਤੇ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ, ਸਿਰ ਦਰਦ, ਸਰੀਰ ਦਰਦ ਜਾਂ ਡੇਂਗੂ ਨਾਲ ਸਬੰਧਤ ਹੋਰ ਲੱਛਣ ਹੋਣ ’ਤੇ ਆਪਣੇ ਆਪ ਦਵਾਈ ਲੈਣ ਦੀ ਬਜਾਏ ਤੁਰੰਤ ਨੇੜਲੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।


Leave a Reply

Your email address will not be published. Required fields are marked *