ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ


– ਐੱਸ.ਐੱਮ.ਓ. ਵੱਲੋਂ ਸਬਸਿਡਰੀ ਹੈਲਥ ਸੈਂਟਰ, ਕਰਿਆਮ ਅਤੇ ਸਬ ਸੈਂਟਰ, ਉਸਮਾਨਪੁਰ ਦਾ ਦੌਰਾ ਕਰਕੇ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
– ਲਾਭਪਾਤਰੀਆਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਟਾਫ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਨਵਾਂਸ਼ਹਿਰ, 5 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ ) : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰ ਜੀਤ ਕੌਰ ਨੇ ਅੱਜ ਸਬਸਿਡਰੀ ਹੈਲਥ ਸੈਂਟਰ, ਕਰਿਆਮ ਅਤੇ ਸਬ ਸੈਂਟਰ, ਉਸਮਾਨਪੁਰ ਦਾ ਦੌਰਾ ਕਰਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਨੇ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਹਦਾਇਤ ਕੀਤੀ ਕਿ ਹਰੇਕ ਯੋਗ ਲਾਭਪਾਤਰੀ ਤੇ ਮਰੀਜ਼ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਸਿਹਤ ਸੰਸਥਾਵਾਂ ਲੋਕਾਂ ਲਈ ਮੁੱਢਲੀ ਸਿਹਤ ਸੇਵਾ ਦਾ ਮਹੱਤਵਪੂਰਨ ਕੇਂਦਰ ਹਨ, ਇਸ ਲਈ ਇੱਥੇ ਆਉਣ ਵਾਲੇ ਹਰ ਵਿਅਕਤੀ ਨਾਲ ਸਨਮਾਨਜਨਕ ਅਤੇ ਸੰਵੇਦਨਸ਼ੀਲ ਵਿਵਹਾਰ ਕੀਤਾ ਜਾਵੇ।

ਉਨ੍ਹਾਂ ਨੇ ਸਿਹਤ ਸੰਸਥਾਵਾਂ ਵਿੱਚ ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਪਰਿਵਾਰ ਨਿਯੋਜਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ ਅਤੇ ਇਲਾਜ, ਦਵਾਈਆਂ ਦੀ ਉਪਲੱਬਧਤਾ ਅਤੇ ਸਿਹਤ ਰਿਕਾਰਡ ਦੀ ਸਮੀਖਿਆ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਪ੍ਰੋਗਰਾਮਾਂ ਤਹਿਤ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।

ਐੱਸ.ਐੱਮ.ਓ. ਨੇ ਕਿਹਾ ਕਿ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਮੁਫ਼ਤ ਸਿਹਤ ਸੇਵਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਆਸ਼ਾ ਵਰਕਰਾਂ ਅਤੇ ਹੋਰ ਫੀਲਡ ਸਟਾਫ ਨੂੰ ਘਰ-ਘਰ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਪ੍ਰੇਰਿਤ ਕੀਤਾ।

ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਿਅਕਤੀ ਤੱਕ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੇ ਨਿਯਮਤ ਦੌਰਿਆਂ ਰਾਹੀਂ ਸੇਵਾਵਾਂ ਦੀ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਕਿਸੇ ਸੁਧਾਰ ਦੀ ਲੋੜ ਮਹਿਸੂਸ ਹੁੰਦੀ ਹੈ, ਉਸ ਨੂੰ ਤੁਰੰਤ ਦੂਰ ਕਰਨ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ।


Leave a Reply

Your email address will not be published. Required fields are marked *