– ਨਵਾਂਸ਼ਹਿਰ ਦੀ ਸਿਆਸਤ ਵਿੱਚ ਵੱਡਾ ਭੁਚਾਲ
ਨਵਾਂਸ਼ਹਿਰ 9 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ) – ਹਲਕਾ ਨਵਾਂਸ਼ਹਿਰ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਭੁਚਾਲ ਆ ਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਨੌਜਵਾਨਾਂ ਵਿੱਚ ਹਰਮਨ ਪਿਆਰੇ ਯੂਥ ਆਗੂ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਆਪਣੇ ਸੈਂਕੜੇ ਸਮਰਥਕਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ। ਇਹ ਅਹਿਮ ਸ਼ਮੂਲੀਅਤ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਰੱਖਿਆ ਗਿਆ ਸੀ ਜਿਸ ਵਿੱਚ ਨਵਾਂਸ਼ਹਿਰ ਹਲਕੇ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਪਹੁੰਚੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਆਗੂ ਨਿਸ਼ਾਨਵੀਰ ਸਿੰਘ ਭੀਣ ਨੂੰ ਸਿਰੋਪਾਓ ਪਾ ਕੇ ਅਤੇ ਪਾਰਟੀ ਦਾ ਸਨਮਾਨ ਚਿੰਨ੍ਹ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਵਿੱਚ ਇੱਕ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰ ਰਹੇ ਸਨ ਪਰ ਪਾਰਟੀ ਵਿੱਚ ਨੌਜਵਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਆਮ ਵਰਕਰ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ, ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਸੋਚ ਅਤੇ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਤੋਂ ਬਹੁਤ ਪ੍ਰਭਾਵਿਤ ਹਨ। ਇਸੇ ਕਰਕੇ ਉਨ੍ਹਾਂ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।
ਨਿਸ਼ਾਨਵੀਰ ਸਿੰਘ ਭੀਣ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਵਿੱਚ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਉਹ ਨਵਾਂਸ਼ਹਿਰ ਹਲਕੇ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਗੇ ਅਤੇ ਪਾਰਟੀ ਪ੍ਰਧਾਨ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੇ ਨਾਲ ਸ਼ਾਮਲ ਹੋਏ ਸੈਂਕੜੇ ਨੌਜਵਾਨਾਂ ਨੇ ਵੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ।
ਦੂਜੇ ਪਾਸੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਸ਼ਾਨਵੀਰ ਸਿੰਘ ਭੀਣ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਹੀ ਪੰਜਾਬ ਦਾ ਭਵਿੱਖ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਨੌਜਵਾਨਾਂ ਨੂੰ ਮੋਹਰੀ ਰੱਖਦਾ ਆਇਆ ਹੈ। ਉਨ੍ਹਾਂ ਕਿਹਾ ਕਿ ਨਿਸ਼ਾਨਵੀਰ ਸਿੰਘ ਭੀਣ ਵਰਗੇ ਮਿਹਨਤੀ ਅਤੇ ਇਮਾਨਦਾਰ ਨੌਜਵਾਨ ਆਗੂ ਦੇ ਆਉਣ ਨਾਲ ਨਵਾਂਸ਼ਹਿਰ ਹਲਕੇ ਵਿੱਚ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਹਰ ਰੋਜ਼ ਸੈਂਕੜੇ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਸ਼ਮੂਲੀਅਤ ਨੂੰ ਨਵਾਂਸ਼ਹਿਰ ਦੀ ਸਿਆਸਤ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਸਰਪੰਚ ਨਿਸ਼ਾਨਵੀਰ ਸਿੰਘ ਭੀਣ ਦਾ ਆਪਣੇ ਇਲਾਕੇ ਵਿੱਚ ਚੰਗਾ ਆਧਾਰ ਹੈ ਅਤੇ ਉਨ੍ਹਾਂ ਦੇ ਅਕਾਲੀ ਦਲ ਵਿੱਚ ਆਉਣ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਮੌਕੇ ਹਲਕੇ ਦੇ ਕਈ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।













Leave a Reply