ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਹਦਾਇਤ
ਨਵਾਂਸ਼ਹਿਰ, 1 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸਾਂ/ਰਿਜ਼ੋਰਟਾਂ, ਮੇਲਿਆਂ, ਧਾਰਮਿਕ ਸਥਾਨਾਂ, ਜਲੂਸਾਂ, ਬਰਾਤਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਇਕ ਵੱਖਰੇ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਵਿਚ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ਼ਹੀਦ ਭਗਤ ਸਿੰਘ ਨਗਰ ਅਤੇ ਲੀਡ ਬੈਂਕ ਮੈਨੇਜਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਉਪਰੋਕਤ ਦੋਵੇਂ ਹੁਕਮ 31 ਮਈ, 2025 ਤੱਕ ਲਾਗੂ ਰਹਿਣਗੇ।