ਗੁਣਵੱਤਾਪੂਰਨ ਇਲਾਜ ਅਤੇ ਸੁਚੱਜੇ ਪ੍ਰਬੰਧਾਂ ਨਾਲ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਯਕੀਨੀ ਬਣਾਇਆ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ


– ਮਰੀਜ਼ਾਂ ਦੀ ਸੰਤੁਸ਼ਟੀ ਅਤੇ ਸੁਰੱਖਿਅਤ ਇਲਾਜ ਸਿਹਤ ਵਿਭਾਗ ਦੀ ਤਰਜੀਹ
– ਸਿਵਲ ਸਰਜਨ ਵੱਲੋਂ ਐੱਸ.ਡੀ.ਐੱਚ. ਬਲਾਚੌਰ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ; ਸਿਵਲ ਸਰਜਨ ਨੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

ਬਲਾਚੌਰ, 9 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਅਮਨ ਸੂਦ ਨੇ ਸ਼ੁੱਕਰਵਾਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ (ਐੱਸ.ਡੀ.ਐੱਚ.), ਬਲਾਚੌਰ  ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਨਿਰੀਖਣ ਦੌਰਾਨ ਸਿਵਲ ਸਰਜਨ ਨੇ ਓ.ਪੀ.ਡੀ., ਆਈ.ਪੀ.ਡੀ, ਇੰਡੋਰ ਵਾਰਡ, ਐਮਰਜੈਂਸੀ ਸੇਵਾਵਾਂ, ਲੇਬਰ ਰੂਮ ਅਤੇ ਲੈਬਾਰਟਰੀ ਅਤੇ ਓਟ ਸੈਂਟਰ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਹਸਪਤਾਲ ਵਿੱਚ ਤਾਇਨਾਤ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਉਨ੍ਹਾਂ ਨੇ ਸਟਾਫ਼ ਨੂੰ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਨਿਰਵਿਘਨ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਦਵਾਈਆਂ ਦੀ ਉਪਲੱਬਧਤਾ, ਲੈਬ ਟੈਸਟਾਂ ਦੀ ਸਹੂਲਤ, ਮੈਡੀਕਲ ਸਾਜ਼ੋ-ਸਾਮਾਨ ਅਤੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਇਸ ਮੌਕੇ ਡਾ. ਅਮਨ ਸੂਦ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਿਹਤ ਸਟਾਫ਼ ਨੂੰ ਮਰੀਜ਼ਾਂ ਦੀ ਸੁਚੱਜੀ ਦੇਖਭਾਲ, ਸਮੇਂ ਸਿਰ ਇਲਾਜ ਅਤੇ ਨਿਮਰਤਾਪੂਰਵਕ ਵਿਹਾਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸਿਵਲ ਸਰਜਨ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ, ਸੁਰੱਖਿਅਤ ਜਣੇਪਾ, ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਟੀਕਾਕਰਨ ਵਰਗੀਆਂ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਦੀ ਸੁਰੱਖਿਆ ਲਈ ਸਿਹਤ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ।

ਡਾ. ਅਮਨ ਸੂਦ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਓਟ ਸੈਂਟਰ ਰਾਹੀਂ ਯੋਗ ਮਰੀਜ਼ਾਂ ਨੂੰ ਨਿਰਧਾਰਤ ਡਾਕਟਰੀ ਪ੍ਰੋਟੋਕੋਲ ਅਨੁਸਾਰ ਇਲਾਜ ਅਤੇ ਲੋੜੀਂਦੀ ਕੌਂਸਲਿੰਗ ਮੁਹੱਈਆ ਕਰਵਾਉਣ ਦੇ ਨਾਲ ਉਨ੍ਹਾਂ ਦੀ ਨਿੱਜਤਾ ਅਤੇ ਮਾਣ-ਸਨਮਾਨ ਦਾ ਖ਼ਿਆਲ ਰੱਖਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ।

ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਨੂੰ ਸਫ਼ਾਈ ਦੇ ਮਿਆਰ ਕਾਇਮ ਰੱਖਣ, ਦਵਾਈਆਂ ਦੀ ਉਪਲੱਬਧਤਾ ਅਤੇ ਸਿਹਤ ਸਹੂਲਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ।

ਅੰਤ ਵਿੱਚ ਡਾ. ਅਮਨ ਸੂਦ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਣਵੱਤਾਪੂਰਨ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਕਾਰੀ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਸਬ ਡਿਵੀਜ਼ਨ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਵਲ ਸਰਜਨ ਦੇ ਪੀ.ਏ. ਅਜੇ ਕੁਮਾਰ ਤੇ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।


Leave a Reply

Your email address will not be published. Required fields are marked *