ਨਵਾਂਸ਼ਹਿਰ /ਕਾਠਗੜ੍ਹ, 10 ਅਕਤੂਬਰ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਅੱਜ ਕਾਠਗੜ੍ਹ ਦੀ ਦਾਣਾ ਮੰਡੀ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੀਟਿੰਗ ਦੀ ਅਗਵਾਈ ਡੀਐਸਪੀ (ਡੀ) ਜਤਿੰਦਰ ਚੌਹਾਨ ਨਵਾਂਸ਼ਹਿਰ ਅਤੇ ਇੰਸਪੈਕਟਰ ਕਮਲ ਤਨੇਜਾ ਕਾਠਗੜ੍ਹ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਕਾਠਗੜ੍ਹ ਦੇ ਮੋਹਤਬਰ ਵਿਅਕਤੀਆਂ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ, ਨੰਬਰਦਾਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਸਪੀ ਜਤਿੰਦਰ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੁਲਿਸ ਵਿਭਾਗ ਵੱਲੋਂ ਇਸ ਨੂੰ ਮਿਸ਼ਨ ਵਜੋਂ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਜਵਾਨੀ ਨੂੰ ਬਰਬਾਦ ਕਰ ਰਿਹਾ ਹੈ ਅਤੇ ਇਸ ਨੂੰ ਠੱਲ੍ਹ ਪਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਠਗੜ੍ਹ ਇਲਾਕੇ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਇੰਸਪੈਕਟਰ ਕਮਲ ਤਨੇਜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਖਾਸ ਖਿਆਲ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਲੋਕਾਂ ਤੋਂ ਨਸ਼ਿਆਂ ਨੂੰ ਰੋਕਣ ਲਈ ਕੀਮਤੀ ਸੁਝਾਅ ਵੀ ਮੰਗੇ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਆਪਣੇ ਆਲੇ ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਲੋਕਾਂ ਨੇ ਵੀ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਆਪਣੇ ਸੁਝਾਅ ਸਾਂਝੇ ਕੀਤੇ।
ਇਸ ਮੌਕੇ ਡੇਰਾ ਟਿੱਬੀ ਦੇ ਮੁੱਖ ਸੇਵਾਦਾਰ ਸਾਂਈ ਕਾਲੇ ਸ਼ਾਹ ਜੀ, ਸੁਭਾਸ਼ ਆਨੰਦ, ਰਾਜ ਕੁਮਾਰ ਆਨੰਦ, ਧਰਮਪਾਲ ਕੋਹਲੀ, ਸੁਖਵਿੰਦਰ ਸਿੰਘ ਬਾਜਵਾ, ਜਸਵੀਰ ਮੀਲੂ, ਅਸ਼ੋਕ ਕੁਮਾਰ, ਪ੍ਰਵੇਸ਼ ਅਨੰਦ ਸਮੇਤ ਕਾਠਗੜ੍ਹ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।













Leave a Reply