ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਲਈ ਐਨ.ਕੇ. ਸ਼ਰਮਾ ਨੇ ਬਲਾਚੌਰ ਦੇ ਵਪਾਰੀਆਂ ਤੇ ਉਦਯੋਗਪਤੀਆਂ ਤੋਂ ਲਏ ਸੁਝਾਅ


ਬਲਾਚੌਰ, 10 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ)  : ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਵੱਲੋਂ ਅੱਜ ਬਲਾਚੌਰ ਵਿਖੇ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰ ਅਤੇ ਉਦਯੋਗ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਨੂੰ ਜਾਣ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗਾਮੀ ਚੋਣ ਮਨੋਰਥ ਪੱਤਰ ਲਈ ਉਨ੍ਹਾਂ ਦੇ ਕੀਮਤੀ ਸੁਝਾਅ ਲੈਣਾ ਸੀ।

ਮੀਟਿੰਗ ਦੌਰਾਨ ਵਪਾਰੀ ਵਰਗ ਨੇ ਆਪਣੇ ਕਾਰੋਬਾਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਕਾਰੋਬਾਰ ਲਈ ਸੁਰੱਖਿਅਤ ਤੇ ਅਨੁਕੂਲ ਮਾਹੌਲ ਦੀ ਲੋੜ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਐਨ.ਕੇ. ਸ਼ਰਮਾ ਨੇ ਹਾਜ਼ਰ ਵਪਾਰੀਆਂ, ਉਦਯੋਗਪਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਉਠਾਏ ਗਏ ਮੁੱਦਿਆਂ ਨੂੰ ਪਾਰਟੀ ਦੀ ਹਾਈਕਮਾਂਡ ਅੱਗੇ ਰੱਖਿਆ ਜਾਵੇਗਾ, ਤਾਂ ਜੋ ਚੋਣ ਮਨੋਰਥ ਪੱਤਰ ਵਿੱਚ ਵਪਾਰ ਅਤੇ ਉਦਯੋਗ ਦੀਆਂ ਅਸਲ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਥਾਂ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵਪਾਰ ਅਤੇ ਉਦਯੋਗ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਪਾਰਟੀ ਤੱਕ ਪਹੁੰਚਾਇਆ ਜਾਵੇਗਾ।


Leave a Reply

Your email address will not be published. Required fields are marked *