Thursday, April 3, 2025

ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ

ਨਵਾਂਸ਼ਹਿਰ, 2 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

        ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ।    ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕੁਲੈਕਟਰ, ਸਬੰਧਤ ਗ੍ਰਾਂਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ।

         ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦੇ ਪੂਰੇ ਨਾਮ ਤੇ ਪਤੇ ਵਾਲਾ ਸਾਈਨ ਬੋਰਡ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ। ਬੋਰਵੈੱਲ ਦੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ-ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ। ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ ਜੋ ਜ਼ਮੀਨੀ ਪੱਧਰ ਤੋਂ 0.30 ਮੀਟਰ ਨੀਵਾਂ ਅਤੇ 0.30 ਮੀਟਰ ਉੱਚਾ ਹੋਵੇ, ਦੀ ਉਸਾਰੀ ਲਾਜ਼ਮੀ ਹੋਵੇਗੀ।

        ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ ਅਤੇ ਕੰਮ ਪੂਰਾ ਹੋਣ ਉਪਰੰਤ ਜ਼ਮੀਨੀ ਪੱਧਰ ਨੂੰ ਪਹਿਲਾਂ ਜਿਹਾ ਕੀਤਾ ਜਾਵੇ। ਖੂਹ ਜਾਂ ਬੋਰਵੈਲ ਨੂੰ ਕਿਸੇ ਵੀ ਹਾਲਤ ’ਚ ਖਾਲੀ ਨਾ ਛੱਡਿਆ ਜਾਵੇ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਲਵੇਗਾ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨਾਂ ਕੰਮ ਨਹੀਂ ਕਰਵਾਏਗਾ।

        ਪੇਂਡੂ ਇਲਾਕੇ ’ਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ’ਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਊਂਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰ ਦੀ ਇਸ ਸਬੰਧੀ ਬਾਕਾਇਦਾ ਰਿਪੋਰਟ ਵੀ ਤਿਆਰ ਕਰਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਹਰ ਮਹੀਨੇ ਭੇਜੀ ਜਾਵੇਗੀ। ਇਹ ਮਨਾਹੀ ਦੇ ਹੁਕਮ 31 ਮਈ, 2025 ਤੱਕ ਲਾਗੂ ਰਹਿਣਗੇ।

Related Articles

LEAVE A REPLY

Please enter your comment!
Please enter your name here

Latest Articles