ਚੰਡੀਗੜ੍ਹ
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਅਪ੍ਰੈਲ 2025 ਦੇ ਅਖੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਤਿਆਰ ਕੀਤੀਆਂ ਜਾਣ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਵਿੱਚ, ਅਮਨ ਅਰੋੜਾ ਨੇ ਜਾਣਕਾਰੀ ਦਿੱਤੀ ਕਿ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣਗੇ। ਇਸ ਸਿਸਟਮ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਲਈ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਜਾਣ ਦੀ ਲੋੜ ਨਹੀਂ ਪਵੇਗੀ। ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ 41,000 (ਲਗਭਗ 95 ਫੀਸਦ) ਤੋਂ ਵੱਧ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਅਖੀਰ ਤੱਕ ਤਿਆਰ ਕਰ ਲਈਆਂ ਜਾਣਗੀਆਂ। ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦ੍ਰਿਤ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਲਈ, ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਨਾਗਰਿਕ ਘਰ ਬੈਠੇ 406 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ। ਪੰਜਾਬ ਸਰਕਾਰ ਦੀ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਮਿਲ ਰਿਹਾ ਹੈ। ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ., ਰਾਜ ਟਰਾਂਸਪੋਰਟ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


