ਦਿੜ੍ਹਬਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸਕੂਲ ਸਿੱਖਿਆ ਵਿੱਚ ਬਦਲਾਅ ਲਿਆਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਅਤੇ ਮੌੜਾਂ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ 20,000 ਦੇ ਕਰੀਬ ਸਰਕਾਰੀ ਸਕੂਲਾਂ ਦੀ ਸਥਿਤੀ ਬਦਲਣ ਲਈ ਯੋਜਨਾ ਬਣਾਈ ਹੈ, ਜਿਸ ਵਿੱਚ 12,000 ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਪਿਛਲੀ ਸਰਕਾਰਾਂ ਦੇ ਮੁਕਾਬਲੇ, ਮਾਨ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਸਿੱਖਿਆ ਦੇ ਖੇਤਰ ਦਾ ਬਜਟ 57 ਫੀਸਦ ਵਧਾਇਆ।
ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅਧਿਆਪਕਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜੋ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਥੇ ਹੀ ਨਹੀਂ ਉਨ੍ਹਾਂ ਦੀ ਸਰਕਾਰ ਵੱਲੋਂ ਆਮ ਘਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਵਿੱਚ ਲਗਭਗ 20,000 ਅਧਿਆਪਕ ਭਰਤੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋ ਰਿਹਾ ਹੈ, ਜਿਸਦਾ ਉਦਾਹਰਣ 200 ਵਿਦਿਆਰਥੀਆਂ ਦਾ ਜੇ.ਈ.ਈ. ਟੈਸਟ ਪਾਸ ਕਰਨਾ ਹੈ।
ਚੀਮਾ ਨੇ ਨਸ਼ਿਆਂ ਖਿਲਾਫ ‘ਯੁੱਧ’ ਮੁਹਿੰਮ ਦੀ ਵੀ ਗੱਲ ਕੀਤੀ, ਜਿਸ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਹਿੰਮ ਨਾਲ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਵਿੱਚ ਹੋਰ ਵਾਧੇ ਲਈ ਮਾਨ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਸ਼ੁਰੂ ਕੀਤੇ ਗਏ ਹਨ ਜਿੱਥੇ ਹਰ ਸਟਰੀਮ ਵਿੱਚ ਚੰਗੇ ਵਿਦਿਆਰਥੀ ਪੈਦਾ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।


