ਨਵਾਂਸ਼ਹਿਰ, 8 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
‘ਵਿਸ਼ਵ ਸਿਹਤ ਦਿਵਸ’ ਮੌਕੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਪਾਲ ਸਿੰਘ ਦੀ ਅਗਵਾਈ ਹੇਂਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਨਿਰਮਲ ਮੈਡੀਸਨ ਸਪੈਸ਼ਲਿਸਟ, ਡਾ. ਕ੍ਰਿਸ਼ਨ ਰਾਏ ਛਾਤੀ ਦੇ ਰੋਗਾਂ ਦੇ ਮਾਹਿਰ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਉਸਦੀ ਸਿਹਤ ਹੈ, ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ। ਇਸਦੇ ਮੱਦੇਨਜ਼ਰ ਹੀ ਸਿਹਤ ਵਿਭਾਗ ਵੱਲੋਂ ‘ਵਿਸ਼ਵ ਸਿਹਤ ਦਿਵਸ’ ਹਰ ਸਾਲ ਲੋਕਾਂ ਨੂੰ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮਨਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਗਿਆ ਕਿ ‘ਵਿਸ਼ਵ ਸਿਹਤ ਦਿਵਸ’ ਹਰ ਸਾਲ ਇਕ ਵਿਲੱਖਣ ਥੀਮ ਤਹਿਤ ਮਨਾਇਆ ਜਾਂਦਾ ਹੈ। ਇਸ ਸਾਲ ਇਸ ਨੂੰ ‘ਮੈਟਰਨਲ ਐਂਡ ਨਿਊ ਬੋਰਨ ਹੈਲਥ’ (ਮਾਂ ਅਤੇ ਨਵਜਨਮੇ ਬੱਚੇ ਦੀ ਸਿਹਤ) ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਵੀ ਆਪਣੀ ਸਿਹਤ ਵੱਲ ਖਾਸ ਧਿਆਨ ਦੇਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਆਪਣਾ ਐਂਟੀਨੇਟਲ ਚੈਕਅਪ ਅਤੇ ਸੰਤੁਲਿਤ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਜੱਚਾ-ਬੱਚਾ ਮੌਤ ਦਰ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੋ ਰਹੀਆਂ ਨਵਜੰਮੇ ਬੱਚਿਆਂ ਦੀ ਮੌਤਾਂ ਵਿੱਚੋਂ ਜ਼ਿਆਦਾਤਰ ਮੌਤਾਂ ਨੂੰ ਸਹੀ ਸਿਹਤ ਸੰਭਾਲ ਨਾਲ ਰੋਕਿਆ ਜਾ ਸਕਦਾ ਹੈ। ਇਸ ਲਈ ਜਰੂਰੀ ਹੈ ਕਿ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸ਼ਡਿਊਲ ਅਨੁਸਾਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਜੋ ਬੱਚੇ ਅੰਦਰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ।
ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਕਿਹਾ ਕਿ ਤੰਦਰੁਸਤੀ ਜੀਵਨ ਵਿੱਚ ਸਾਰੀਆਂ ਖੁਸ਼ੀਆਂ ਦਾ ਆਧਾਰ ਹੈ, ਇਸ ਲਈ ਹਰੇਕ ਮਨੁੱਖ ਨੂੰ ਚੰਗੇ ਖਾਣ-ਪੀਣ, ਸਾਫ-ਸਫਾਈ ਅਤੇ ਕਸਰਤ ਨਾਲ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। ਵਿਸ਼ਵ ਸਿਹਤ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਵੀ ਲੋਕਾਂ ਨੂੰ ਚੰਗੀ ਸਿਹਤ, ਖਾਣ-ਪੀਣ ਦੇ ਚੰਗੇ ਅਸੂਲ ਅਤੇ ਬੀਮਾਰੀਆਂ ਤੋਂ ਬਚਾਓ ਲਈ ਵਰਤੀਆਂ ਜਾਣ ਵਾਲੀਆਂ ਸਾਵਾਧਾਨੀਆਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯੋਗ ਅਤੇ ਕਸਰਤ ਨਾਲ ਅਸੀਂ ਬਹੁਤ ਸਾਰੀਆਂ ਬਿਮਾਰੀਆ ਤੋਂ ਬਚ ਸਕਦੇ ਹਾਂ। ਸਾਨੂੰ ਜੰਕ ਫੂਡ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਿਹਤ ਉੱਪਰ ਮਾੜਾ ਪ੍ਰਭਾਵ ਪਾਉਣ ਵਾਲੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਹਰਜੀਤ ਸਿੰਘ ਐਮ. ਐਲ. ਟੀ, ਗੁਰਤੇਜ ਸਿੰਘ ਏਂ ਐਸ਼ ਆਈ, ਸਤਨਾਮ ਸਿੰਘ ਏਂ ਐਸ ਆਈ, ਬੂਟਾ ਸਿੰਘ, ਕੁਲਵਿੰਦਰ ਕੁਮਾਰ ਸਮੂਹ ਸਟਾਫ ਅਤੇ ਆਏਂ ਹੋਏ ਮਰੀਜ਼ਾਂ ਵੱਲ਼ੋਂ ਪੂਰਨ ਸਹਿਯੋਗ ਦਿੱਤਾ ਗਿਆ।