ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵਚਨਬੱਧ
ਸੀਨੀਅਰ ਮੈਡੀਕਲ ਅਫਸਰ ਵੱਲੋਂ ਆਯੂਸ਼ਮਾਨ ਆਰੋਗਿਆ ਕੇੰਦਰ, ਪਨਿਆਲੀ ਆਯੂਸ਼ਮਾਨ ਆਰੋਗਿਆ ਕੇੰਦਰ, ਕਾਠਗੜ੍ਹ ਦੀ ਅਚਨਚੇਤ ਚੈਕਿੰਗ
ਬਲਾਚੌਰ, 9 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਆਯੂਸ਼ਮਾਨ ਆਰੋਗਿਆ ਕੇੰਦਰ, ਪਨਿਆਲੀ ਆਯੂਸ਼ਮਾਨ ਆਰੋਗਿਆ ਕੇੰਦਰ, ਕਾਠਗੜ੍ਹ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਚੈਕਿੰਗ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਪੁੱਛਿਆ ਅਤੇ ਕੇੰਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਚੈਕਿੰਗ ਵਿੱਚ ਆਯੂਸ਼ਮਾਨ ਆਰੋਗਿਆ ਕੇੰਦਰਾਂ ਵਿੱਚ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ, ਸਟਾਫ ਦੀ ਹਾਜ਼ਰੀ, ਪੀਣ ਵਾਲੇ ਪਾਣੀ ਦੀ ਉਪਲੱਬਧਤਾ, ਮਰੀਜ਼ਾਂ ਨੂੰ ਬੈਠਣ ਲਈ ਪ੍ਰਬੰਧ, ਸਾਫ-ਸਫਾਈ ਦੇ ਪ੍ਰਬੰਧਾਂ ਆਦਿ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਲੋਕਾਂ ਦੇ ਆਭਾ ਅਕਾਊਂਂਟ ਬਣਾਉਣ ਦੇ ਨਿਰਧਾਰਿਤ ਟੀਚੇ ਨੂੰ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
ਇਸ ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਸਿਹਤ ਬਲਾਕ ਬਲਾਚੌਰ ਅੰਦਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵਚਨਬੱਧ ਹੈ, ਇਸ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਕੇੰਦਰਾਂ ‘ਤੇ ਚੈਕਿੰਗ ਕਰਵਾਈ ਗਈ। ਇਸ ਚੈਕਿੰਗ ਦਾ ਮੁੱਖ ਮਨੋਰਥ ਸਿਹਤ ਕੇੰਦਰਾਂ ਉੱਪਰ ਨਿਰਧਾਰਤ ਸਾਰੀਆਂ ਸਿਹਤ ਸਹੂਲਤਾਂ ਹਰ ਹਾਲਤ ਵਿੱਚ ਉਪਲੱਬਧ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਹਨ ਕਿ ਕਿਸੇ ਵੀ ਸਿਹਤ ਕੇਂਦਰ ਵਿੱਚ ਕਿਸੇ ਵੀ ਕਿਸਮ ਦੀ ਕੋਈ ਘਾਟ ਨਾ ਰਹੇ।


