ਜਲੰਧਰ (ਕਰਮਵੀਰ ਸਿੰਘ)
ਐਸ.ਡੀ.ਐਮ ਆਦਮਪੁਰ ਵਿਵੇਕ ਕੁਮਾਰ ਮੋਦੀ ਵਲੋਂ ਅੱਜ ਹਲਕਾ ਆਦਮਪੁਰ ਦੀਆ ਅਨਾਜ ਮੰਡੀਆ ਅਤੇ ਖਰੀਦ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਣਕ ਖਰੀਦ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਦੇ ਢੁਕਵੇਂ ਪ੍ਰਬੰਧਾਂ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਕਰਦਿਆ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਦੇ ਪ੍ਰਬੰਧ ਜਲਦੀ ਤੋਂ ਜਲਦੀ ਕਰਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ ਅਤੇ ਮੰਡੀ ਵਿੱਚ ਜਾਮ ਦੀ ਸਥਿਤੀ ਪੈਦਾ ਨਾ ਹੋਵੇ। ਐੱਸ.ਡੀ.ਐੱਮ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲਾ ਪਾਣੀ, ਮਾਪ-ਦੰਡ, ਬਿਜਲੀ ਆਦਿ ਸਾਰੀਆਂ ਮੁੱਢਲੀਆਂ ਸਹੂਲਤਾਂ ਨਿਰੰਤਰ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਸਰਕਾਰੀ ਹਦਾਇਤਾਂ ਅਨੁਸਾਰ, ਕਿਸਾਨਾਂ ਨੂੰ ਖਰੀਦੀਆਂ ਗਈਆਂ ਫਸਲਾਂ ਦਾ ਭੁਗਤਾਨ ਨਿਰਧਾਰਤ ਸਮਾਂ ਸੀਮਾ ਵਿੱਚ ਕੀਤਾ ਜਾਣਾ ਚਾਹੀਦਾ ਹੈ। ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਾਫ਼ ਪੀਣ ਵਾਲੇ ਪਾਣੀ, ਬਿਜਲੀ ਅਤੇ ਪਖਾਨਿਆਂ ਦੇ ਢੁਕਵੇਂ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਕਈ ਅਧਿਕਾਰੀ ਵੀ ਮੌਜੂਦ ਸਨ।


