ਨਵਾਂਸ਼ਹਿਰ 1 ਮਈ (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਅਤੇ ਹਰਿਆਣਾ ਵਿਚਕਾਰ ਸਾਲਾਂ ਪੁਰਾਣਾ ਪਾਣੀ ਦਾ ਵਿਵਾਦ ਇਕ ਵਾਰ ਫਿਰ ਤੋਂ ਭੱਖਦਾ ਜਾ ਰਿਹਾ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਧੱਕਾ ਕਰਨ ਤੇ ਲੱਗੀ ਹੋਈ ਹੈ। ਜਲਾਲਪੁਰ ਨੇ ਕਿਹਾ ਕਿ ਭਾਜਪਾ ਸ਼ਾਸਿਤ ਰਾਜ ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਾਡੇ ਪੰਜਾਬ ਦੇ ਪਾਣੀਆਂ ਦੀ ਲੁੱਟ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਮੀਟਿੰਗ ਵਿਚ ਭਾਖੜਾ ਡੈਮ ਤੋਂ ਪੰਜਾਬ ਦੇ ਪਾਣੀ ਖੋਹਣ ਲਈ ਪੰਜਾਬ ਵਿਰੁੱਧ ਇੱਕਜੁੱਟ ਹੋ ਗਏ ਹਨ। ਪੰਜਾਬ ਦੇ ਕੁਦਰਤੀ ਸਰੋਤਾਂ ਦੀ ਇਹ ਲੁੱਟ ਅਤੇ ਸ਼ਰੇਆਮ ਧੱਕੇਸ਼ਾਹੀ ਪੰਜਾਬ ਦੇ ਕਿਸਾਨਾਂ ਤੋਂ ਇਕ ਬਦਲਾ ਲੈਣ ਵਾਲੀ ਭਾਵਨਾ ਜਾਪਦੀ ਹੈ ਅਤੇ ਜੇਕਰ ਇਸ ਨੂੰ ਸ਼ੁਰੂਆਤੀ ਦੌਰ ਵਿਚ ਹੀ ਰੋਕਿਆ ਨਾ ਗਿਆ ਤਾਂ ਇਹ ਸਾਡੀ ਕਿਸਾਨੀ ਅਤੇ ਆਰਥਿਕਤਾ ਨੂੰ ਤਬਾਹ ਕਰ ਦੇਵੇਗੀ। ਜਲਾਲਪੁਰ ਨੇ ਕਿਹਾ ਕਿ ਇਸ ਦੇ ਸੰਬੰਧ ਵਿੱਚ ਅੱਜ ਜਿਲ੍ਹੇ ਦੇ ਤਿੰਨਾ ਹਲਕਿਆਂ ਵਿੱਚ ਪਾਰਟੀ ਦੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਜੇਕਰ ਭਾਜਪਾ ਸਰਕਾਰ ਵੱਲੋਂ ਧੱਕੇਸ਼ਾਹੀ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਗਲੇ ਮਹੀਨੇ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ ਜਿਸ ਲਈ ਪੰਜਾਬ ਦੇ ਕਿਸਾਨਾਂ ਨੂੰ ਵੀ ਪਾਣੀ ਦੀ ਕਾਫੀ ਜਰੂਰਤ ਹੋਵੇਗੀ ਇਸ ਲਈ ਪੰਜਾਬ ਕੋਲ ਆਪਣੇ ਕਿਸਾਨਾਂ ਨੂੰ ਹੀ ਦੇਣ ਜੋਗਾ ਪਾਣੀ ਹੈ ਕਿਉਂਕਿ ਹਰਿਆਣਾ ਸਰਕਾਰ ਪਹਿਲਾਂ ਹੀ ਆਪਣੇ ਹਿੱਸੇ ਦਾ ਬਣਦਾ ਪਾਣੀ ਲੈ ਚੁੱਕੀ ਹੈ।


