Join
Wednesday, March 25, 2026
Wednesday, March 25, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਦੌੜੇ ਸ਼ਹੀਦ ਭਗਤ ਸਿੰਘ ਨਗਰ ਵਾਸੀ

ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਵਿਸ਼ਾਲ ਮੈਰਾਥਨ

ਨਵਾਂਸ਼ਹਿਰ, 2 ਮਈ (ਜਤਿੰਦਰ ਪਾਲ ਸਿੰਘ ਕਲੇਰ ) 

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਕ ਵਿਸ਼ਾਲ ਮੈਰਾਥਨ ਕਰਵਾਈ ਗਈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਕਰਵਾਈ ਇਸ ਮੈਰਾਥਨ ਵਿਚ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਜ਼ਿਲ੍ਹੇ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਅਧਿਆਪਕਾਂ, ਖਿਡਾਰੀਆਂ, ਪਿੰਡਾਂ ਦੇ ਪੰਚ-ਸਰਪੰਚਾਂ, ਯੂਥ ਕਲੱਬਾਂ ਦੇ ਮੈਂਬਰਾਂ, ਵਲੰਟੀਅਰਾਂ, ਸੀ.ਐਮ ਯੋਗਸ਼ਾਲਾ ਦੇ ਟ੍ਰੇਨਰਾਂ ਅਤੇ ਜ਼ਿਲ੍ਹਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖਿਲਾਫ਼ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ ਦਾ ਅਹਿਦ ਲੈਣ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਵੀ ਆਪਣਾ ਫਰਜ਼ ਨਿਭਾਇਆ।

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਬੈਂਡ ਦੀਆਂ ਧੁਨਾਂ ਨਾਲ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 6.30 ਵਜੇ ਸ਼ੁਰੂ ਹੋਈ ਇਹ ਮੈਰਾਥਨ ਰਾਜਾ ਹਸਪਤਾਲ, ਬਾਰਾਦਰੀ ਬਾਗ਼, ਸਰਕਾਰੀ ਮੁੜ ਵਸੇਬਾ ਕੇਂਦਰ ਅਤੇ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਗਰਾਊਂਂਡ ਵਿਖੇ ਸਮਾਪਤ ਹੋਈ। ਮੈਰਾਥਨ ਦੇ ਸਾਰੇ ਰਸਤੇ ਦੌਰਾਨ ਆਡੀਓ ਸਿਸਟਮ ਅਤੇ ਜਾਗਰੂਕਤਾ ਬੈਨਰਾਂ ਨਾਲ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈ ਗਈ ਗੱਡੀ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਹੋਕਾ ਦਿੱਤਾ।

ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਉਸਰ ਚੁੱਕੀ ਹੈ ਅਤੇ ਜਲਦ ਹੀ ਪੰਜਾਬ ਨਸ਼ਾ ਮੁਕਤ ਤੁਹਾਨੂੰ ਤਾਂ ਮਿਸ ਲੈਟਰ ਆਈ ਬਣੇਗਾ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ। ਉਹਨਾਂ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਖਿਲਾਫ ਹੰਭਲਾ ਮਾਰਨ ਦਾ ਸੱਦਾ ਦਿੱਤਾ।

ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਨੂੰ ਜਲਦ ਹੀ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ।

ਇਸ ਦੌਰਾਨ ਮੈਰਾਥਨ ਦੇ ਜੇਤੂਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਬੂਟੇ ਵੰਡੇ ਗਏ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਲਗਾਏ ਗਏ ਸੈਲਫੀ ਸਟੈਂਡਾਂ ‘ਤੇ ਭਾਗੀਦਾਰਾਂ ਵੱਲੋਂ ਵੱਡੀ ਗਿਣਤੀ ਵਿਚ ਆਪਣੀਆਂ ਯਾਦਗਾਰੀ ਤਸਵੀਰਾਂ ਲਈਆਂ ਗਈਆਂ।

ਇਸ ਮੌਕੇ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਮਾਰਕੀਟ ਕਮੇਟੀ ਨਵਾਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨਵਾਲ, ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ, ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਟਰੱਸਟੀ ਹਰਜੋਤ ਕੌਰ ਲੋਹਟੀਆ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ, ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ, ਡੀ.ਐਸ.ਪੀ ਰਾਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਾ. ਸੁਰਿੰਦਰ ਪਾਲ ਅਗਨੀਹੋਤਰੀ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2