ਬਲਾਚੌਰ, 4 ਜੂਨ-(ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਸਰਕਾਰ ਦੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਦੇ ਉਦੇਸ਼ ਨਾਲ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪਿੰਡ ਖੋਜਾ ਬੇਟ ਅਤੇ ਠਠਿਆਲਾ ਬੇਟ ਵਿੱਚ ਸ਼ਿਰਕਤ ਕੀਤੀ। ਇਸ ਮੁਹਿੰਮ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕੀਤੀ।
ਡਾ. ਮਾਨ ਨੇ ਨਸ਼ਿਆਂ ਦੇ ਖਾਤਮੇ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਨਸ਼ੇ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇੱਕ ਸਿਹਤਮੰਦ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਮੁਕਤੀ ਕੇਂਦਰ ਨੂੰ ਨਵਾਂਸ਼ਹਿਰ ਵਿਖੇ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਕਾਊਂਂਸਲਿੰੰਗ ਕੀਤੀ ਜਾਂਦੀ ਹੈ ਤਾਂ ਜੋ ਮਰੀਜ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਇਸ ਦੇ ਨਾਲ ਹੀ ਸਿਵਲ ਹਸਪਤਾਲ ਬਲਾਚੌਰ ਅਤੇ ਸੀ ਐਚ ਸੀ ਕਾਠਗੜ ਵਿੱਖੇ ਨਸ਼ਾ ਮੁਕਤੀ ਦਵਾਈ ਕੇਂਦਰ ਵਿਚ ਮਰੀਜਾਂ ਨੂੰ ਦਵਾਈ ਵੀ ਦਿੱਤੀ ਜਾਂਦੀ ਹੈ।
ਸਿਹਤ ਇੰਸਪੈਕਟਰ ਦਿਲਬਾਗ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਨਸ਼ਾ ਪੀੜਤ ਲੋਕਾਂ ਨੂੰ ਅਕਸਰ ਇੱਕ ਜਾਂ ਇੱਕ ਤੋਂ ਵੱਧ ਸੰਬੰਧਿਤ ਸਿਹਤ ਸਮੱਸਿਆਵਾਂ ਹੁੰਦੀਆਂ ਹਨ, ਜਿਸ ਵਿੱਚ ਫੇਫੜਿਆਂ ਜਾਂ ਦਿਲ ਦੀ ਬਿਮਾਰੀ, ਸਟ੍ਰੋਕ, ਕੈਂਸਰ, ਜਾਂ ਮਾਨਸਿਕ ਸਿਹਤ ਸਥਿਤੀਆਂ ਸ਼ਾਮਲ ਹੋ ਸਕਦੀਆਂ ਹਨ। ਨਸ਼ਾ ਸਾਡੇ ਪਰਿਵਾਰ ਦੀ ਆਰਥਿਕਤਾ ਨੂੰ ਵੀ ਖ਼ਰਾਬ ਕਰ ਦਿੰਦਾ ਹੈ, ਜਿਸ ਨਾਲ ਵਧੇਰੇ ਪਰਿਵਾਰਾਂ ਦੀ ਟੁੱਟਣ ਦੀ ਨੌਬਤ ਆ ਜਾਂਦੀ ਹੈ।
ਇਸ ਸਮਾਗਮ ਵਿੱਚ ਸਥਾਨਕ ਨਿਵਾਸੀਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜਿਨ੍ਹਾਂ ਨੇ ਇਸ ਉਦੇਸ਼ ਦਾ ਸਮਰਥਨ ਕਰਨ ਅਤੇ ਇੱਕ ਸੁਰੱਖਿਅਤ, ਸਿਹਤਮੰਦ ਵਾਤਾਵਰਣ ਬਣਾਉਣ ਲਈ ਇਕੱਠੇ ਕੰਮ ਕਰਨ ਦਾ ਵਾਅਦਾ ਕੀਤਾ।


