ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਚਲਦੇ ਸਿੱਖ ਜਥੇਬੰਦੀ ਦਲ ਖਾਲਸਾ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ, ਜਿਸ ਕਾਰਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਹੁਣ 20 ਜੂਨ ਨੂੰ ਹੋਣਗੀਆਂ। ਸਬੰਧਤ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਉਪਲਬਧ ਹੋਵੇਗੀ।
ਬੀਤੀ ਸ਼ਾਮ ਪੁਲਿਸ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਫਲੈਗ ਮਾਰਚ ਕੀਤਾ। ਦਲ ਖਾਲਸਾ ਨੇ “ਘੱਲੂਘਾਰਾ ਮਾਰਚ” ਦਾ ਐਲਾਨ ਕੀਤਾ ਹੈ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਖਤਮ ਹੋਵੇਗਾ। ਪੁਲਿਸ ਇਸ ਮਾਮਲੇ ‘ਤੇ ਵੀ ਚੌਕਸ ਹੈ।
1984 ਦੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਤਸਵੀਰਾਂ ਸ਼੍ਰੀ ਹਰਿਮੰਦਰ ਸਾਹਿਬ ‘ਤੇ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਜਿੱਥੇ ਇੱਕ ਅਸਥਾਈ ਗੈਲਰੀ ਬਣਾਈ ਗਈ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨੀ 1984 ਵਿੱਚ ਹੋਏ ਹਮਲੇ ਬਾਰੇ ਜਾਣਕਾਰੀ ਫੈਲਾਉਣ ਲਈ ਹੈ। ਸ਼੍ਰੀ ਹਰਿਮੰਦਰ ਸਾਹਿਬ ‘ਤੇ ਅਖੰਡ ਪਾਠ ਸ਼ੁਰੂ ਹੋ ਚੁੱਕਾ ਹੈ, ਜਿਸ ਦਾ ਭੋਗ 6 ਜੂਨ ਨੂੰ ਦਿੱਤਾ ਜਾਵੇਗਾ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਦਮਦਮੀ ਟਕਸਾਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨਗੇ।
ਸੂਤਰਾਂ ਮੁਤਾਬਕ, ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਲਈ ਲਗਭਗ 4 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ 62 ਥਾਵਾਂ ‘ਤੇ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 14 ਚੌਕੀਆਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹਨ। 52 ਨਾਕਿਆਂ ‘ਤੇ ਪੁਲਿਸ 24 ਘੰਟੇ ਤਾਇਨਾਤ ਹੈ।


