– ਡਿਪਟੀ ਮੈਡੀਕਲ ਕਮਿਸ਼ਨਰ ਨੇ ਬਲਾਚੌਰ ਵਿਖੇ ਨਸ਼ਾ ਪੀੜਤਾਂ ਦਾ ਹਾਲਚਾਲ ਪੁੱਛਿਆ
ਬਲਾਚੌਰ, 20 ਜੂਨ (ਜਤਿੰਦਰ ਪਾਲ ਸਿੰਘ ਕਲੇਰ )
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਾ ਪੀੜਤਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਇਸੇ ਕੜੀ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਸਿਹਤ ਬਲਾਕ ਬਲਾਚੌਰ ਵਿਖੇ ਇਲਾਜ ਕਰਵਾ ਰਹੇ ਨਸ਼ਾ ਪੀੜਤਾਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਨੇ ਸਿਹਤ ਬਲਾਕ ਬਲਾਚੌਰ ਦਾ ਦੌਰਾ ਕਰਕੇ ਨਸ਼ਾ ਪੀੜਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਪੀੜਤਾਂ ਲਈ ਇਲਾਜ ਪ੍ਰਬੰਧਾਂ ਲਈ ਐੱਸ.ਓ.ਪੀ. ਦੀ ਪਾਲਣਾ, ਪੀਣ ਵਾਲੇ ਪਾਣੀ ਦੀ ਵਿਵਸਥਾ, ਸਾਫ-ਸਫਾਈ ਦੇ ਪ੍ਰਬੰਧ ਤੇ ਮੈਡੀਕਲ ਰਿਕਾਰਡ ਨੂੰ ਵੀ ਦੇਖਿਆ।
ਇਸ ਮੌਕੇ ਡਾ. ਹਰਪ੍ਰੀਤ ਸਿੰਘ ਨੇ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਾਨੂੰ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਚੋਂ ਬਾਹਰ ਕੱਢਣ ਵਿੱਚ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਦਾ ਆਦੀ ਵਿਅਕਤੀ ਇਕ ਰੋਗੀ ਹੁੰਦਾ ਹੈ, ਜਿਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨਸ਼ਾ ਪੀੜਤਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ. ਰਮਨ ਕੁਮਾਰ, ਨੀਰਜ ਕੁਮਾਰ, ਗੁਰਪ੍ਰੀਤ ਸਿੰਘ ਤੇ ਦੀਪਕ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।


